ਸਨੌਰ, 28 ਜੂਨ (ਸੋਖਲ)-ਸਨੌਰ ਦੇ ਨੇੜਲੇ ਪਿੰਡ ਸੁਨਿਆਰਹੇੜੀ ਵਿਚ ਸੂਏ ਦੇ ਨਾਲ ਵਾਲੇ ਰਾਹ ‘ਤੇ ਲੱਗੇ ਕੂੜੇ ਦੇ ਢੇਰ ਨੇੜਲੇ ਘਰਾਂ ਦੇ ਵਸਨੀਕਾਂ ਅਤੇ ਰਾਹਗੀਰਾਂ ਲਈ ਵੱਡੀ ਮੁਸ਼ਕਲ ਬਣੇ ਹੋਏ ਹਨ। ਕੂੜੇ ਤੋਂ ਉੱਠਦੀ ਬਦਬੂ, ਗੰਦਗੀ ਅਤੇ ਮੱਛਰ-ਮੱਖੀਆਂ ਦੀ ਭਰਮਾਰ ਕਾਰਨ ਇਲਾਕੇ ਦਾ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਲੋਕਾਂ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਣ ਦਾ ਖਤਰਾ ਬਣਿਆ ਹੋਇਆ ਹੈ। ਇਸ ਮੌਕੇ ਪਿੰਡ ਵਾਸੀ ਤੇਜਿੰਦਰ ਸਿੰਘ, ਕੁਲਦੀਪ ਸਿੰਘ ਅਤੇ ਹੋਰ ਵਸਨੀਕਾਂ ਨੇ ਦੱਸਿਆ ਕਿ ਇਸ ਥਾਂ ‘ਤੇ ਲੰਮੇ ਸਮੇਂ ਤੋਂ ਲਗਾਤਾਰ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਆਲੇ-ਦੁਆਲੇ ਦਾ ਇਲਾਕਾ ਗੰਦਗੀ ਨਾਲ ਭਰ ਗਿਆ ਹੈ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ ਅਤੇ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਪਿੰਡ ਵਾਸੀ ਤੇਜਿੰਦਰ ਸਿੰਘ ਨੇ ਇਸ ਸਮੱਸਿਆ ਸੰਬੰਧੀ ਦੱਸਿਆ ਕਿ ਉਹ ਮੌਜੂਦਾ ਸਰਪੰਚ, ਹਲਕਾ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਤੀ ਰੂਪ ਵਿਚ ਕਈ ਵਾਰ ਸ਼ਿਕਾਇਤ ਕਰ ਚੁੱਕੇ ਹਨ। ਇਸ ਦੇ ਬਾਵਜੂਦ ਅਜੇ ਤੱਕ ਨਾ ਤਾਂ ਕੋਈ ਠੋਸ ਕਾਰਵਾਈ ਕੀਤੀ ਗਈ ਹੈ ਅਤੇ ਨਾ ਹੀ ਕੂੜੇ ਦੇ ਢੇਰਾਂ ਦੀ ਸਮੱਸਿਆ ਦਾ ਕੋਈ ਸਥਾਈ ਹੱਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਥੇ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿਚ ਅਜਿਹੀ ਸਥਿਤੀ ਨਾ ਬਣੇ, ਇਸ ਲਈ ਪੱਕੇ ਅਤੇ ਸਥਾਈ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਹਰ ਨਾਗਰਿਕ ਦਾ ਮੂਲ ਅਧਿਕਾਰ ਹੈ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਇਸ ਸੰਬੰਧੀ ਜਦੋਂ ਪਿੰਡ ਦੇ ਸਰਪੰਚ ਵਿੱਕੀ ਨਾਲ ਫੋਨ ‘ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਿੱਥੇ ਕੂੜਾ ਸੁੱਟਿਆ ਜਾ ਰਿਹਾ ਹੈ, ਉਹ ਜਗ੍ਹਾ ਨਹਿਰੀ ਵਿਭਾਗ ਦੇ ਅਧੀਨ ਆਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਸੰਬੰਧੀ ਅਜੇ ਤੱਕ ਕਿਸੇ ਨੇ ਉਨ੍ਹਾਂ ਨੂੰ ਕੋਈ ਲਿਖਤੀ ਜਾਂ ਮੌਖਿਕ ਸ਼ਿਕਾਇਤ ਨਹੀਂ ਦਿੱਤੀ। ਅਖੀਰ ’ਚ ਕਿਹਾ ਕਿ ਉਨ੍ਹਾਂ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੇ ਕੇ ਇਸ ਗੰਭੀਰ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ।