ਪਟਿਆਲਾ, 30 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤੇ ਛੇਵੇਂ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਇਸ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਜਦਕਿ ਹੈਡ ਗ੍ਰੰਥੀ ਗੁਰਦੁਆਰਾ ਅੰਬ ਸਾਹਿਬ ਵਾਲੇ ਭਾਈ ਚਰਨਜੀਤ ਸਿੰਘ ਨੇ ਕਥਾ ਵਿਚਾਰਾਂ ਦੀ ਸਾਂਝ ਪਾ ਕੇ ਗੁਰੂ ਸਾਹਿਬ ਦੇ ਜੀਵਨ ਦਰਸ਼ਨ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਕਰਹਾਲੀ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਤਪਾਲ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ,ਅਕਾਲੀ ਦਲ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਕਈ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਛੇਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ, ਵਿਚਾਰਧਾਰਾ ਅਤੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ “ਬੰਦੀ ਛੋੜ ਦਾਤਾ” ਕਿਉਂ ਆਖਿਆ ਜਾਂਦਾ ਹੈ ਅਤੇ ਮੀਰੀ-ਪੀਰੀ ਦੀਆਂ ਦੋ ਤਲਵਾਰਾਂ ਰਾਹੀਂ ਉਨ੍ਹਾਂ ਨੇ ਜੁਲਮ ਦੇ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸਿੱਖਿਆ ਅੱਜ ਵੀ ਮਨੁੱਖਤਾ ਨੂੰ ਸੱਚਾਈ ਅਤੇ ਨਿਆਂ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਹੈ। ਇਸ ਉਪਰੰਤ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਦੀ ਅਪੀਲ ਕੀਤੀ। ਸਮਾਗਮ ਦੇ ਅੰਤ ’ਤੇ ਗੁਰਦੁਆਰਾ ਕਰਹਾਲੀ ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ ਕੌਲੀ ਨੇ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਭਾਗੀਦਾਰੀ ਨਾਲ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਸਫਲ ਬਣਦੇ ਹਨ। ਇਸ ਮੌਕੇ ਪ੍ਰਚਾਰਕ ਪ੍ਰਵਿੰਦਰ ਸਿੰਘ ਬਰਾੜਾ,ਮਲਕੀਤ ਸਿੰਘ ਚੀਮਾ, ਗੁਰਜੰਟ ਸਿੰਘ, ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ, ਸਟਾਫ ਅਤੇ ਸੰਗਤਾਂ ਹਾਜ਼ਰ ਸਨ।