ਪਟਿਆਲਾ, 1 ਜੁਲਾਈ (ਅ.ਸ. ਆਹਲੂਵਾਲੀਆ)-ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਘਲੋੜੀ ਗੇਟ ਮੇਨ ਰੋਡ, ਬਿਸ਼ਨ ਨਗਰ, ਫੋਕਲ ਪੁਆਇੰਟ ਅਤੇ ਤੇਜ ਬਾਗ਼ ਕਲੋਨੀ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ ’ਤੇ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸੜਕਾਂ, ਨਿਕਾਸੀ ਪ੍ਰਬੰਧ, ਨਿਰਮਾਣ ਸਮੱਗਰੀ ਅਤੇ ਹੋਰ ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਜਾਇਜ਼ਾ ਲਿਆ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਵਰਤਿਆ ਜਾਣ ਵਾਲਾ ਹਰ ਇਕ ਰੁਪਇਆ ਲੋਕਾਂ ਦੀ ਮਿਹਨਤ ਦੀ ਕਮਾਈ ਹੈ, ਜਿਸ ਦੀ ਸਹੀ ਵਰਤੋਂ ਕਰਨਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਦਾ ਹਰ ਇਕ ਰੁਪਇਆ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਵਿਕਾਸ ਕਾਰਜਾਂ ’ਤੇ ਖਰਚ ਹੋਵੇ, ਇਹੀ ਸਾਡੀ ਵਚਨਬੱਧਤਾ ਹੈ। ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਪੱਸ਼ਟ ਹਦਾਇਤ ਦਿੱਤੀ ਕਿ ਹਰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ। ਜੇਕਰ ਕਿਸੇ ਵੀ ਕੰਮ ਵਿੱਚ ਲਾਪਰਵਾਹੀ ਜਾਂ ਮਿਆਰਾਂ ਦੀ ਅਣਦੇਖੀ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਜ਼ਿੰਮੇਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ । ਮੇਅਰ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਗਰ ਨਿਗਮ ਲਗਾਤਾਰ ਕੰਮ ਕਰ ਰਿਹਾ ਹੈ । ਸੜਕਾਂ, ਸੀਵਰੇਜ, ਡਰੇਨੇਜ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਅਤੇ ਸੁਵਿਧਾਜਨਕ ਨਾਗਰਿਕ ਸਹੂਲਤਾਂ ਮਿਲ ਸਕਣ।