ਬਹਾਦਰਗੜ੍ਹ, 1 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਚੱਲ ਰਹੇ ਨਿਰੰਤਰ ਸਮਾਗਮ ਦੇਰ ਰਾਤ ਕੀਰਤਨ ਦਰਬਾਰ ਨਾਲ ਸਮਾਪਤ ਹੋਏ। ਦੇਰ ਰਾਤ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ’ਚ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਰੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਆਦਿ ਤੋਂ ਇਲਾਵਾ ਇਲਾਕੇ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਪੁੱਜੀਆਂ। ਧਾਰਮਿਕ ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ, ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਆਦਿ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਜਿੱਥੇ ਨਿਰੰਤਰ ਗੁਰੂ ਦਾ ਲੰਗਰ ਚਲਾਇਆ ਗਿਆ, ਉੱਥੇ ਹੀ ਵੱਖ ਵੱਖ ਸਿੱਖ ਸੁਸਾਇਟੀਆਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਅਤੇ ਗੁਰੂ ਸਾਹਿਬ ਦੀ ਆਮਦ ਦੀ ਖੁਸ਼ੀ ਵਿਚ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸੰਗਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸਮਾਗਮ ਦੀ ਸਫਲਤਾ ਲਈ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਗੁਰੂ ਸਾਹਿਬ ਦੇ ਜੀਵਨ, ਉਦੇਸ਼ ਅਤੇ ਵਿਚਾਰਧਾਰਾ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਵੱਡੀ ਲੋੜ ਹੈ। ਸਮਾਗਮ ਦੇ ਅੰਤ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਹਿਰ ਦੀਆਂ ਸਿੱਖ ਸਭਾਵਾਂ ਅਤੇ ਸੁਸਾਇਟੀਆਂ ਆਦਿ ਦੇ ਨੁਮਾਇੰਦਿਆਂ ਨੂੰ ਗੁਰੂ ਸਾਹਿਬ ਦੀ ਯਾਦਗਾਰੀ ਤਸਵੀਰ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ, ਮੈਨੇਜਰ ਭਾਗ ਸਿੰਘ, ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਡੇਰਾ ਬਾਬਾ ਅਜਾਪਾਲ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਪ੍ਰਿੰਸੀਪਲ ਡਾ.ਸਤਿੰਦਰ ਸਿੰਘ, ਬਲਵਿੰਦਰ ਸਿੰਘ ਦੌਣ ਕਲਾਂ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ ਅਤੇ ਸੰਗਤਾਂ ਵੱਡੀ ਗਿਣਤੀ ’ਚ ਮੌਜੂਦ ਸਨ।