ਸਮਾਣਾ, 8 ਜੁਲਾਈ (ਸਾਹਿਬ ਸਿੰਘ)-ਇਤਿਹਾਸਕ ਸ਼ਹਿਰ ਸਮਾਣਾ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਹੁਣ ਸ਼ਹਿਰ ਵਾਸੀਆਂ ਲਈ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਰਿਹਾਇਸ਼ੀ ਕਾਲੋਨੀਆਂ, ਸਕੂਲਾਂ ਦੇ ਆਲੇ-ਦੁਆਲੇ, ਪਾਰਕਾਂ, ਗਲੀਆਂ-ਸੜਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਅਵਾਰਾ ਕੁੱਤਿਆਂ ਦੇ ਝੁੰਡ ਆਮ ਦੇਖੇ ਜਾ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਵੇਰੇ ਅਤੇ ਸ਼ਾਮ ਦੇ ਸਮੇਂ ਇਹ ਕੁੱਤੇ ਰਾਹਗੀਰਾਂ ਅਤੇ ਦੋ ਪਹੀਆ ਵਾਹਨ ਚਾਲਕਾਂ ਦੇ ਪਿੱਛੇ ਦੌੜ ਪੈਂਦੇ ਹਨ, ਜਿਸ ਕਾਰਨ ਕਈ ਵਾਰ ਹਾਦਸੇ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਕਈ ਵਾਰ ਤਾਂ ਰਾਹਗੀਰ ਦਾ ਰਸਤਾ ਰੋਕ ਲੈਂਦੇ ਹਨ। ਸ਼ਹਿਰ ਵਾਸੀਆਂ ਦਾ ਦਾਅਵਾ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਕਈ ਲੋਕ ਆਵਾਰਾ ਕੁੱਤਿਆਂ ਦੇ ਸ਼ਿਕਾਰ ਹੋਏ ਹਨ। ਸਭ ਤੋਂ ਵੱਧ ਚਿੰਤਾ ਸਕੂਲੀ ਬੱਚਿਆਂ, ਬਜ਼ੁਰਗਾਂ ਅਤੇ ਸਵੇਰ ਦੀ ਸੈਰ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਗਟ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਸਮੱਸਿਆ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਵਾਰਾ ਕੁੱਤਿਆਂ ਨੂੰ ਮਾਰਨ ਅਤੇ ਉਨ੍ਹਾਂ ਦੀ ਨਸਬੰਦੀ ਕਰਨ ਦਾ ਐਲਾਨ ਕੀਤਾ ਸੀ ਪਰ ਉਹ ਐਲਾਨ ਵੀ ਹਵਾ ਵਿਚ ਉੱਡ ਗਿਆ ਹੈ। ਨਾਗਰਿਕਾਂ ਨੇ ਨਗਰ ਕੌਂਸਲ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਲੋੜ ਅਨੁਸਾਰ ਉਨ੍ਹਾਂ ਦਾ ਸੁਰੱਖਿਅਤ ਪ੍ਰਬੰਧ ਕੀਤਾ ਜਾਵੇ। ਨਾਲ ਹੀ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਖੁੱਲ੍ਹੇ ਵਿਚ ਪਏ ਕੂੜੇ ਕਾਰਨ ਅਵਾਰਾ ਜਾਨਵਰਾਂ ਦੀ ਗਿਣਤੀ ਵਿਚ ਹੋ ਰਹੇ ਵਾਧੇ ਨੂੰ ਰੋਕਿਆ ਜਾ ਸਕੇ। ਸ਼ਹਿਰ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਮੱਸਿਆ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ ਤਾਂ ਇਹ ਲੋਕਾਂ ਦੀ ਸੁਰੱਖਿਆ ਅਤੇ ਜਨ ਸਿਹਤ ਲਈ ਹੋਰ ਵੱਡਾ ਖ਼ਤਰਾ ਬਣ ਸਕਦੀ ਹੈ। ਇਸ ਸੰਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਪਰਅਪਾਰ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੱਲ ਜਲਦੀ ਕਰੇਗੀ। ਉਨ੍ਹਾਂ ਦੱਸਿਆ ਕਿ ਅਵਾਰਾ ਕੁੱਤਿਆਂ ਲਈ ਸ਼ੈੱਡ ਬਣਾਇਆ ਜਾਵੇਗਾ ਤੇ ਬਾਅਦ ਵਿਚ ਉਨ੍ਹਾਂ ਦੀ ਨਸਬੰਦੀ ਕੀਤੀ ਜਾਵੇਗੀ। ਅਵਾਰਾ ਕੁੱਤਿਆਂ ਨੂੰ ਹਲ਼ਕਾਅ ਦੇ ਟੀਕੇ ਲਗਾਏ ਜਾਣਗੇ ਤਾਂ ਜੋ ਕਿਸੇ ਨਾਗਰਿਕ ਨੂੰ ਅਵਾਰਾ ਕੁੱਤੇ ਦੁਆਰਾ ਕੱਟੇ ਜਾਣ ’ਤੇ ਕੋਈ ਸਿਹਤ ਲਈ ਖ਼ਤਰਾ ਪੈਦਾ ਨਾ ਹੋਵੇ। ਉਨ੍ਹਾਂ ਅਨੁਸਾਰ ਸ਼ਹਿਰ ਵਿਚ 450 ਕੁ ਅਵਾਰਾ ਕੁੱਤੇ ਹਨ।