05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸਿਵਲ ਡਿਫੈਂਸ ਤੇ ਫਸਟ ਏਡ ’ਚ ਸਿਖਲਾਈ ਪ੍ਰਾਪਤ ਅਧਿਆਪਕ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਤਿਆਰੀ ਨੂੰ ਮਜ਼ਬੂਤ ਕਰਨਗੇ: ਡਾ. ਹਿਮਾਂਸ਼ੂ ਅਗਰਵਾਲ

Ad Position 21
No active advertisement
ਅਜੀਤ ਡੈਸਕ 10-07-2026
ਪਟਿਆਲਾ, 9 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਕਿਸੇ ਐਮਰਜੈਂਸੀ ਸਥਿਤੀ ਮੌਕੇ ਜ਼ਖਮੀ ਜਾਂ ਕਿਸੇ ਪੀੜਤ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਪ੍ਰਦਾਨ ਕਰਨਾ ਸਭ ਤੋਂ ਵੱਡੀ ਮਾਨਵਤਾਵਾਦੀ ਸੇਵਾ ਹੈ। ਡਿਪਟੀ ਕਮਿਸ਼ਨਰ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲਂਡ ਜ਼ਿਲ੍ਹਾ ਪ੍ਰਸ਼ਾਸਨ ਦੇ ਚੇਤਨਾ ਪ੍ਰਾਜੈਕਟ ਤਹਿਤ ਨਿਵੇਕਲੀ ਪਹਿਲਕਦਮੀ ਕਰਦਿਆਂ ਸਕੂਲੀ ਅਧਿਆਪਕਾਂ ਲਈ ਸ਼ੁਰੂ ਕੀਤੇ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਪ੍ਰੋਗਰਾਮ ’ਚ ਟ੍ਰੇਨਿੰਗ ਲੈਣ ਵਾਲੇ ਅਧਿਆਪਕਾਂ ਦੀ ਹੌਂਸਲਾ ਅਫਜਾਈ ਕਰ ਰਹੇ ਸਨ। ਅੱਜ ਇੱਥੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਪਹਿਲੇ ਬੈਚ ਵਿੱਚ ਟ੍ਰੇਨਿੰਗ ਲੈਣ ਵਾਲੇ ਅਧਿਆਪਕਾਂ ਨੂੰ ਔਖੇ ਸਮੇਂ ਲੋਕਾਂ ਦੀ ਜਾਨ ਬਚਾਉਣ ਵਾਲੀ ਇਹ ਚਿੰਗਾੜੀ ਬੁਝਣ ਨਾ ਦੇਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਢਲੀ ਸਹਾਇਤਾ ਅਤੇ ਸਿਵਲ ਡਿਫੈਂਸ ਦਾ ਮੁੱਢਲਾ ਗਿਆਨ ਕੀਮਤੀ ਜਾਨਾਂ ਬਚਾ ਸਕਦਾ ਹੈ ਅਤੇ ਹਰੇਕ ਨਾਗਰਿਕ ਨੂੰ ਇਨ੍ਹਾਂ ਜ਼ਰੂਰੀ ਜੀਵਨ ਬਚਾਉਣ ਵਾਲੇ ਹੁਨਰਾਂ ਨਾਲ ਲੈਸ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਜਿੱਥੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਪਟਿਆਲਾ ਜ਼ਿਲ੍ਹੇ ਵਿੱਚ ਵੀ ਚੇਤਨਾ ਪ੍ਰਾਜੈਕਟ ਤਹਿਤ ਮੁਢਲੀ ਸਹਾਇਤਾ ਦੀ ਟ੍ਰੇਨਿੰਗ ਦੇਕੇ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਸਿਖਲਾਈ ਪ੍ਰਾਪਤ ਅਧਿਆਪਕਾਂ ਦੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ, ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਉਹ ਹੁਣ ਆਪਣੇ-ਆਪਣੇ ਸਕੂਲਾਂ ਵਿੱਚ ਮਾਸਟਰ ਟ੍ਰੇਨਰ ਵਜੋਂ ਸੇਵਾ ਕਰਨਗੇ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਅਤੇ ਫਸਟ ਏਡ ਸਿਖਲਾਈ ਪ੍ਰਦਾਨ ਕਰਨ ਦਾ ਹੰਭਲਾ ਮਾਰਨ। ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਨੂੰ ਸਿਖਲਾਈ ਲੈਣ ਲਈ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨਾਂ ਵਿਚ ਐਮਰਜੈਂਸੀ ਪ੍ਰਤੀਕਿਰਿਆ, ਆਫ਼ਤ ਦੀ ਤਿਆਰੀ ਅਤੇ ਮੁੱਢਲੀ ਸਹਾਇਤਾ ਬਾਰੇ ਜਾਗਰੂਕਤਾ ਪੈਦਾ ਕਰਨ ਨਾਲ ਇੱਕ ਸੁਰੱਖਿਅਤ ਸਮਾਜ ਸਿਰਜਣ ਵਿੱਚ ਮਦਦ ਮਿਲੇਗੀ। ਡਿਪਟੀ ਕਮਿਸ਼ਨਰ ਨੇ ਸਿਖਲਾਈ ਪ੍ਰੋਗਰਾਮ ਕਰਵਾਉਣ ਲਈ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਯਤਨਾਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਰੱਥਾ-ਨਿਰਮਾਣ ਉਪਰਾਲੇ ਆਫ਼ਤ ਪ੍ਰਬੰਧਨ ਦੀ ਤਿਆਰੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਦੇ ਪ੍ਰੋਗਰਾਮਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕਰਦਿਆਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਪੜਾਅਵਾਰ ਜ਼ਿਲ੍ਹੇ ਭਰ ਦੇ ਲਗਭਗ 190 ਅਧਿਆਪਕਾਂ ਨੂੰ ਸਿਵਲ ਡਿਫੈਂਸ ਅਤੇ ਮੁੱਢਲੀ ਸਹਾਇਤਾ ਦੇ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ, ਸੇਵਾਮੁਕਤ ਅਧਿਆਪਕ ਜਸਪਾਲ ਸਿੰਘ, ਰਣਜੀਤ ਸਿੰਘ ਮਾਨ ਤੇ ਧਰਮਪਾਲ ਸਿੰਘ, ਹੋਮ ਗਾਰਡ ਦੇ ਨੋਡਲ ਅਫ਼ਸਰ ਮੋਹਨਦੀਪ ਸਿੰਘ, ਸਿਵਲ ਡਿਫੈਂਸ ਦੇ ਚੀਫ਼ ਵਾਰਡਨ ਕੇ.ਐਸ. ਸੇਖੋਂ, ਗੁਰਕੀਰਤ ਸਿੰਘ, ਪਰਮਜੀਤ ਸਿੰਘ ਬਾਦਸ਼ਾਹਪੁਰ, ਕੁਲਵੰਤ ਧੀਮਾਨ, ਸੁਰੇਸ਼ ਚੰਦਰ ਮੱਕੜ, ਕਰਨੈਲ ਸਿੰਘ, ਭਾਵੁਕ ਸ਼ਰਮਾ, ਪ੍ਰਿਤਪਾਲ ਸੋਢੀ, ਐਡਵੋਕੇਟ ਕ੍ਰਿਸ਼ਨ ਕੁਮਾਰ ਅਤੇ ਹੋਰ ਸਿਵਲ ਡਿਫੈਂਸ ਵਾਰਡਨ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ‘ਸਤਲੁਜ’ ਫਿਲਮ ਦਾ ਓ.ਟੀ.ਟੀ. ਪਲੇਟਫਾਰਮ ਤੋਂ ਹਟਾਇਆ ਜਾਣਾ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ-ਰੱਖੜਾ, ਐਡ. ਸ਼ਾਹਪੁਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮੁੜ ਰੰਗਲਾ ਬਣਾ ਸਕਦੀ ਹੈ-ਲੱਖਾ ਲਲੀਣਾ
Ad Position 24
No active advertisement