ਨਾਭਾ, 11 ਜੁਲਾਈ (ਵਰਿੰਦਰ ਵਰਮਾ)-ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ. ਐਸ. ਐਚ. ਆਰ. ਸੀ.) ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਨਾਭਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਕੈਂਪ, ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਖੁੱਲ੍ਹੀ ਸੁਣਵਾਈ ਕੈਂਪ ਲਗਵਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ ਤੇ ਪੀੜਤਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਆਪਣੀ ਪਹੁੰਚ ਨੂੰ ਰਾਜ ਦੇ ਹਰ ਘਰ ਤੱਕ ਲੈ ਕੇ ਜਾਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਸ਼ੰਟੀ ਨੇ ਝੂਠੇ ਵੀਜ਼ਿਆਂ, ਨਕਲੀ ਆਫਰ ਲੈਟਰਾਂ, ਜਾਅਲੀ ਵਿਆਹਾਂ ਅਤੇ ਵਿਦੇਸ਼ ਭੇਜਣ ਦੇ ਨਾਂਅ ’ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਰੋਹਾਂ ਖ਼ਿਲਾਫ਼ ਸਖ਼ਤ ਰੁਖ ਅਪਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਠੱਗਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨਾਭਾ ਪ੍ਰਸ਼ਾਸਨ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੋਰ ਵੀ ਸੰਵੇਦਨਸ਼ੀਲ ਤੇ ਚੌਕਸ ਹੋਣ। ਇਸ ਦੇ ਨਾਲ ਹੀ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਐਨ. ਜੀ. ਓਜ਼ ਦੀ ਭੂਮਿਕਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਜਿਹੀਆਂ ਸੰਸਥਾਵਾਂ ਨਾਲ ਤਾਲਮੇਲ ਬਣਾ ਕੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ 112 ’ਤੇ ਪ੍ਰਾਪਤ ਹੋਣ ਵਾਲੀਆਂ ਗੰਭੀਰ ਮਾਮਲਿਆਂ ਦੀਆਂ ਕਾਲਾਂ, ਖਾਸ ਕਰਕੇ ਜ਼ਿੰਦਗੀ ਤੇ ਮੌਤ ਨਾਲ ਜੂਝ ਰਹੇ ਮਰੀਜ਼ਾਂ ਦੇ ਮਾਮਲਿਆਂ ਵਿਚ, ਪੁਲਿਸ ਵਲੋਂ ਐਂਬੂਲੈਂਸਾਂ ਨੂੰ ਸਮੇਂ ਸਿਰ ਹਸਪਤਾਲ ਤੱਕ ਪਹੁੰਚਾਉਣ ਲਈ ਪਾਇਲਟ ਵਾਹਨ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸੰਬੰਧਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਕਮਿਸ਼ਨ ਦਾ ਵਟਸਐਪ ਨੰਬਰ 98554-75547 ਜਾਰੀ ਕਰਦਿਆਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਇਸ ਨੰਬਰ ’ਤੇ ਭੇਜ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸ਼ਿਕਾਇਤ ‘ਤੇ ਦੋ ਦਿਨਾਂ ਦੇ ਅੰਦਰ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰਕੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਤੇ ਮੌਕੇ ‘ਤੇ ਪਹੁੰਚੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਸੰਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ। ਸਮਾਗਮ ਦੌਰਾਨ ਐਸ. ਡੀ. ਐਮ. ਏ. ਪੀ. ਐਸ. ਸੋਮਲ, ਈ. ਓ. ਗੁਰਚਰਨ ਸਿੰਘ, ਡੀ. ਐਸ. ਪੀ. ਗੁਰਿੰਦਰ ਸਿੰਘ ਬੱਲ, ਡੀ. ਐਸ. ਪੀ. ਜੇਲ੍ਹ ਹਰਪ੍ਰੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਬੀ. ਡੀ. ਪੀ. ਓ., ਐਸ. ਐਮ. ਓ. ਡਾ. ਵੀਨੂੰ ਗੋਇਲ, ਡਾਇਟ ਦੇ ਪ੍ਰਿੰਸੀਪਲ ਸੰਦੀਪ ਨਾਗਰ, ਕੋਰ ਗਰੁੱਪਾਂ ਦੇ ਮੈਂਬਰਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।