ਪਾਤੜਾਂ, 11 ਜੁਲਾਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ. ਐਸ. ਐਚ. ਆਰ. ਸੀ.) ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਪਾਤੜਾਂ ਦੇ ਕਿਰਤੀ ਕਾਲਜ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਖੁੱਲ੍ਹੀ ਸੁਣਵਾਈ ਕੈਂਪ ਲਗਾਇਆ। ਪਦਮਸ੍ਰੀ ਸ਼ੰਟੀ ਨੇ ਦੱਸਿਆ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚ ਕੋਰ ਗਰੁੱਪਾਂ ਦਾ ਗਠਨ ਕੀਤਾ ਹੈ, ਜਿਨ੍ਹਾਂ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਪੀੜਤਾਂ ਦੀ ਮਦਦ ਤੇ ਸ਼ਿਕਾਇਤਾਂ ਦਾ ਨਿਪਟਾਰਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਮਨੁੱਖੀ ਅਧਿਕਾਰ ਕਮਿਸ਼ਨ ਬਣ ਗਿਆ ਹੈ, ਜਿਸ ਨੇ ਹਰ ਜ਼ਿਲ੍ਹੇ ਵਿਚ ਕੋਰ ਗਰੁੱਪ ਸਥਾਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਮਿਸ਼ਨ ਵਲੋਂ ਕਈ ਮਹੱਤਵਪੂਰਨ ਸਲਾਹਕਾਰੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਅਨੁਸਾਰ ਹੁਣ ਕੋਈ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਬਿੱਲ ਦਾ ਭੁਗਤਾਨ ਨਾ ਹੋਣ ਦੀ ਸੂਰਤ ਵਿਚ ਮਰੀਜ਼ ਜਾਂ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕੇਗਾ। ਹਰ ਹਸਪਤਾਲ ਵਿਚ ਢੁਕਵੀਂ ਮੁਰਦਾਘਰ ਸਹੂਲਤ ਤੇ ਐਂਬੂਲੈਂਸ ਸੇਵਾ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਲਾਵਾਰਿਸ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਵਿਅਕਤੀਆਂ ਦੇ ਸਸਕਾਰ ਜਾਂ ਦਫ਼ਨਾਉਣ ਲਈ ਸਹਾਇਤਾ ਯਕੀਨੀ ਬਣਾਉਣ, ਪਿੰਡਾਂ ਵਿਚ ਮੋਰਚਰੀ ਬਾਕਸ ਉਪਲਬਧ ਕਰਵਾਉਣ, ਸਫਾਈ ਕਰਮਚਾਰੀਆਂ ਨੂੰ ਸੁਰੱਖਿਆ ਉਪਕਰਨ, ਜੁੱਤੇ, ਦਸਤਾਨੇ, ਸੈਨੇਟਾਈਜ਼ਰ ਤੇ ਬੀਮਾ ਸੁਰੱਖਿਆ ਮੁਹੱਈਆ ਕਰਵਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਹਾਲਾਤਾਂ ਵਿਚ 112 ’ਤੇ ਸੂਚਨਾ ਮਿਲਣ ਉਪਰੰਤ ਗੰਭੀਰ ਮਰੀਜ਼ਾਂ ਦੀਆਂ ਐਂਬੂਲੈਂਸਾਂ ਨੂੰ ਹਸਪਤਾਲ ਤੱਕ ਤੁਰੰਤ ਪਹੁੰਚਾਉਣ ਲਈ ਪੁਲਿਸ ਪਾਇਲਟ ਸਹੂਲਤ ਦੇਣ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਐਸ. ਡੀ. ਐਮ. ਕਾਲਾ ਰਾਮ ਕਾਂਸਲ, ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ. ਪੀ. ਜਸਬੀਰ ਸਿੰਘ, ਡੀ. ਐੱਸ. ਪੀ. ਗੁਰਦੀਪ ਸਿੰਘ, ਤਹਿਸੀਲਦਾਰ, ਪੁਲਿਸ ਵਿਭਾਗ, ਸਮਾਜਿਕ ਸੁਰੱਖਿਆ, ਫੂਡ ਸਪਲਾਈ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਐਨ. ਜੀ. ਓਜ਼ ਦੇ ਨੁਮਾਇੰਦੇ ਵੀ ਮੌਜੂਦ ਸਨ। ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਦੇ ਮੀਡੀਆ ਵਲੋਂ ਧਿਆਨ ’ਚ ਲਿਆਂਦਾ ਗਿਆ ਕਿ ਪਾਤੜਾਂ ਇਲਾਕੇ ਦੇ ਨਾਲ ਲੱਗਦੇ ਸੰਗਰੂਰ ਜਿਲ੍ਹੇ ਦੇ ਸ਼ਹਿਰ ਖਨੌਰੀ ਨੇੜ੍ਹੇ ਭਾਖੜਾ ਨਹਿਰ ’ਚ ਇਕ ਅਜਿਹਾ ਪੁੱਲ ਹੈ ਜਿੱਥੇ ਜਿਆਦਾਤਰ ਮਨੁੱਖੀ ਲਾਸ਼ਾਂ ਫਸ ਜਾਂਦੀਆਂ ਹਨ ਅਤੇ ਇਹ ਅਣਪਛਾਤੀਆਂ ਲਾਸ਼ਾਂ ਕਈ ਕਈ ਦਿਨ ਇਥੇ ਫਸੀਆਂ ਰਹਿਣ ਕਾਰਨ ਇਨ੍ਹਾਂ ਵਿਚ ਬਹੁਤੀਆਂ ਸੜਨ ਲੱਗ ਜਾਂਦੀਆਂ ਹਨ ਅਤੇ ਇਨਾਂ ਲਾਸ਼ਾਂ ਦੀ ਬਹੁਤ ਬੇਕਦਰੀ ਹੁੰਦੀ ਹੈ ਇਸ ਤੋਂ ਇਲਾਵਾ ਹਰਿਆਣਾਂ ’ਚ ਆ ਕੇ ਵਿਕਦਾ ਨਸ਼ਾ ਤੇ ਪਾਤੜਾਂ ਇਲਾਕੇ ’ਚ ਹੋਰ ਧੰਦਿਆਂ ਦੀ ਆੜ੍ਹ ’ਚ ਵੱਡੇ ਪੱਧਰ ਤੇ ਹੋ ਰਹੇ ਦੇਹ ਵਪਾਰ ਦੇ ਧੰਦੇ ਬਾਰੇ ਉਨ੍ਹ੍ਹਾਂ ਦੇ ਧਿਆਨ ਵਿਚ ਲਿਆਂਦੇ ਜਾਣ ’ਤੇ ਉਨ੍ਹਾਂ ਕਿਹਾ ਕਿ ਭਾਖੜਾ ਨਹਿਰ ਵਿਚ ਆ ਰਹੀਆਂ ਅਣਪਛਾਤੀਆਂ ਲਾਸ਼ਾਂ ਦੀ ਸੰਭਾਲ ਸੰਬੰਧੀ ਪ੍ਰਬੰਧ ਕਰਨ ਲਈ ਇਕ ਟੀਮ ਦਾ ਗਠਨ ਕੀਤਾ ਜਾਵੇਗਾ ਅਤੇ ਦੇਹ ਵਪਾਰ ਦੇ ਧੰਦੇ ਬਾਰੇ ਰਿਪੋਰਟ ਮਿਲਣ ’ਤੇ ਕਾਰਵਾਈ ਵੀ ਕੀਤੀ ਜਾਵੇਗੀ।