ਪਟਿਆਲਾ, 15 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮ ਸੰਘਰਸ਼ਸੀਲ ਮੋਰਚੇ ਦੇ ਸੱਦੇ ’ਤੇ ਪਾਵਰਕਾਮ ਦੇ ਹੈੱਡ ਆਫ਼ਿਸ ਪਟਿਆਲਾ ਦੇ ਸਾਰੇ ਮੁੱਖ ਗੇਟ ਬੰਦ ਕਰਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੋਰਚੇ ਨਾਲ ਸੰਬੰਧਤ ਸਮੂਹ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇੰਪਲਾਈਜ ਸੰਘਰਸ਼ ਯੂਨੀਅਨ ਪਾਵਰਕਾਮ ਟਰਾਸਕੋ ਪੰਜਾਬ ਨੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਡੇ ਕਾਫ਼ਲੇ ਨਾਲ ਧਰਨੇ ਵਿਚ ਹਾਜ਼ਰੀ ਭਰੀ ਅਤੇ ਸੰਘਰਸ਼ ਨੂੰ ਮਜ਼ਬੂਤ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਰਮਜੀਤ ਸਿੰਘ ਸਿੱਧੂ ਨੇ ਕਿਹਾ ਕਿ ਪਾਵਰਕਾਮ ਅਤੇ ਟਰਾਂਸਕੋ ਮੈਨੇਜਮੈਂਟ ਲਗਾਤਾਰ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ। ਵਾਰ-ਵਾਰ ਮੀਟਿੰਗਾਂ ਦਾ ਸਮਾਂ ਤੈਅ ਕੀਤਾ ਜਾਂਦਾ ਹੈ, ਪਰ ਜਦੋਂ ਮੰਗਾਂ ਦੇ ਹੱਲ ਦੀ ਗੱਲ ਆਉਂਦੀ ਹੈ ਤਾਂ ਮੈਨੇਜਮੈਂਟ ਮੀਟਿੰਗਾਂ ਤੋਂ ਪਿੱਛੇ ਹਟ ਜਾਂਦੀ ਹੈ ਅਤੇ ਕੋਈ ਠੋਸ ਫ਼ੈਸਲਾ ਨਹੀਂ ਲੈਂਦੀ। ਇਹ ਰਵੱਈਆ ਮੁਲਾਜ਼ਮਾਂ ਦੇ ਸਬਰ ਦੀ ਪਰਖ ਹੈ, ਜਿਸ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਜਿਨ੍ਹਾਂ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ₹35,400 ਦਾ ਸਕੇਲ ਲਾਗੂ ਕਰਨਾ, ਪੰਜਾਬ ਦੇ ਸਕੇਲ ਲਾਗੂ ਕਰਨਾ,16-7-2020 ਤੋਂ ਪਹਿਲਾਂ ਅਤੇ ਬਾਅਦ ਵਾਲੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਹੱਲ ਕਰਨਾ,,CRA 298/21 ਅਤੇ CRA 291/17 ਦੇ ਕਰਮਚਾਰੀਆਂ ਨੂੰ ਟਰਾਂਸਕੋ ਦੀ ਤਰਜ਼ ’ਤੇ ਤਿੰਨ ਸਾਲ ਬਾਅਦ ਤਰੱਕੀ ਦੇਣਾ, CRA 312/25 ਦੇ ਕਰਮਚਾਰੀਆਂ ਨੂੰ ਪਾਵਰਕਾਮ ਵਿੱਚ ਵਾਪਸ ਕਰਨਾ,ਪਾਰਟ-ਟਾਈਮ ਸਵੀਪਰਾਂ ਨੂੰ ਰੈਗੂਲਰ ਕਰਨਾ ਅਤੇ ਹੋਰ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕਰਨਾ ਸ਼ਾਮਲ ਹੈ। ਇਨ੍ਹਾਂ ਮੰਗਾਂ ਨੂੰ ਮੰਨਣ ਦੀ ਬਜਾਏ ਮੈਨੇਜਮੈਂਟ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਧਰਨੇ ਨੂੰ ਹੋਰ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਜਲਦੀ ਗੱਲਬਾਤ ਕਰਕੇ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਲੋੜ ਪਈ ਤਾਂ ਸੂਬਾ ਪੱਧਰ ’ਤੇ ਹੋਰ ਵੱਡੇ ਐਕਸ਼ਨ ਉਲੀਕੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਮੁਲਾਜ਼ਮਾਂ ਨੂੰ ਏਕਤਾ ਬਣਾਈ ਰੱਖਣ ਅਤੇ ਹਰ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ “ਮੁਲਾਜ਼ਮਾਂ ਦਾ ਏਕਾ ਹੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸੇ ਏਕੇ ਨਾਲ ਆਪਣੇ ਹੱਕ ਪ੍ਰਾਪਤ ਕੀਤੇ ਜਾਣਗੇ।” ਅੰਤ ਵਿਚ ਸੂਬਾ ਪ੍ਰਧਾਨ ਕਰਮਜੀਤ ਸਿੰਘ ਸਿੱਧੂ ਨੇ ਕਿਹਾ ਕਿ ਇੰਪਲਾਈਜ ਸੰਘਰਸ਼ ਯੂਨੀਅਨ ਪਾਵਰਕਾਮ ਟਰਾਸਕੋ ਪੰਜਾਬ ਹਮੇਸ਼ਾ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਅੱਗੇ ਵੀ ਪੂਰੀ ਦ੍ਰਿੜਤਾ ਨਾਲ ਲੜਦੀ ਰਹੇਗੀ ਅਤੇ ਕਿਸੇ ਵੀ ਕੀਮਤ ’ਤੇ ਮੁਲਾਜ਼ਮਾਂ ਦੇ ਹੱਕਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।