ਸਮਾਣਾ, 15 ਜੁਲਾਈ (ਸਾਹਿਬ ਸਿੰਘ)-ਪਿੰਡ ਖੇੜਕੀ ਵਿਖੇ ਸਾਬਕਾ ਸੰਸਦ ਡਾ. ਧਰਮਵੀਰ ਗਾਂਧੀ ਵਲੋਂ ਐਮ.ਪੀ. ਲੈਂਡ ਫ਼ੰਡ ਵਿਚੋਂ ਜਾਰੀ ਕੀਤੀ ਗਈ 3 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਸ਼ੈੱਡ ਦਾ ਉਦਘਾਟਨ ਆਲ ਇੰਡੀਆ ਕਿਸਾਨ ਕਾਂਗਰਸ ਦੇ ਸੰਯੋਜਕ ਰਛਪਾਲ ਸਿੰਘ ਜੌੜਾਮਾਜਰਾ ਨੇ ਕੀਤਾ। ਉਦਘਾਟਨ ਮੌਕੇ ਕਰਵਾਏ ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਡਾ. ਧਰਮਵੀਰ ਗਾਂਧੀ ਵਲੋਂ ਪਿੰਡ ਦੇ ਵਿਕਾਸ ਲਈ ਦਿੱਤੇ ਗਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਪਿੰਡ ਵਿਚ ਪਹੁੰਚਣ ’ਤੇ ਸ. ਜੌੜਾਮਾਜਰਾ ਦਾ ਲੋਕਾਂ ਨੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਅਜਿਹੇ ਕੰਮ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਲਈ ਹਰ ਸੰਭਵ ਸਹਿਯੋਗ ਜਾਰੀ ਰਹੇਗਾ। ਸਮਾਗਮ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਪਤਵੰਤੇ ਹਾਜ਼ਰ ਸਨ।