03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਗਿਣਤੀ ਪੁੱਜੀ 1090 ਤੱਕ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ-ਡਾ. ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 26-07-2026
ਪਟਿਆਲਾ 25 ਜੁਲਾਈ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲਿਨਿਕਾਂ ਦੀ ਸ਼ੁਰੂਆਤ ਨਾਲ ਹੁਣ ਪੰਜਾਬ ਵਿਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1090 ਹੋ ਗਈ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਨੂੰ ਆਪਣੇ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਹੋਣ। ਇਸੇ ਮੰਤਵ ਤਹਿਤ ਇਹ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਲਾਜ ਲਈ ਲੰਬੀਆਂ ਦੂਰੀਆਂ ਤੈਅ ਨਾ ਕਰਨੀਆਂ ਪੈਣ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿਚ ਯੋਗ ਐਮ. ਬੀ. ਬੀ. ਐਸ. ਡਾਕਟਰ, ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਜਾਂਚ, ਲੋੜੀਂਦੀਆਂ ਦਵਾਈਆਂ ਤੇ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਸਮੇਤ ਸਾਰੀਆਂ ਪ੍ਰਾਇਮਰੀ ਸਿਹਤ ਸੇਵਾਵਾਂ ਸੌ ਫੀਸਦੀ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿਚ ਪ੍ਰਾਇਮਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਰਾਹੀਂ ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਜਾਂਚਾਂ, ਸਲਾਹ ਤੇ ਦੇਖਭਾਲ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਤੇ ਫਾਲੋ-ਅਪ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਸੰਭਵ ਹੋ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਗੁਣਵੱਤਾ ਭਰੀਆਂ ਤੇ ਆਧੁਨਿਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਮੌਜੂਦ ਅਧਿਕਾਰੀਆਂ ਤੇ ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਨਵੀਂ ਦਿਸ਼ਾ ਮਿਲੀ ਹੈ।
Ad Position 22
No active advertisement
ਪਿਛਲੀ ਖ਼ਬਰ ਕੁਝ ਜ਼ਿਲ੍ਹਿਆਂ ਦੇ ਡੇਲੀਵੇਜਿਜ਼ ਕਰਮਚਾਰੀਆਂ ਨਾਲ ਸਰਕਾਰ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ-ਮਲੋਟ ਅਗਲੀ ਖ਼ਬਰ ਧਰਮਿੰਦਰ ਪ੍ਰਧਾਨ ਵਾਂਗ ਸੂਬਾ ਸਿੱਖਿਆ ਮੰਤਰੀ ਬੈਂਸ ਵੀ ਅਸਤੀਫ਼ਾ ਦੇਵੇ-ਰਾਜਾ ਵੜਿੰਗ
Ad Position 24
No active advertisement