ਸਨੌਰ, 25 ਜੁਲਾਈ (ਮੋਹਣ ਸਿੰਘ ਭੱਟੀ)-ਸੀਨੀਅਰ ਸੂਬਾ ਕਿਸਾਨ ਆਗੂ ਜਸਵਿੰਦਰ ਸਿੰਘ ਮੋਹਣੀ ਭਾਂਖਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਤਿੱਖੇ ਸੁਰ ਅਖ਼ਤਿਆਰ ਕਰਦਿਆਂ ਦੋਵਾਂ ਸਰਕਾਰਾਂ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਗੱਲਬਾਤ ਕਰਦਿਆਂ ਜਸਵਿੰਦਰ ਸਿੰਘ ਮੋਹਣੀ ਨੇ ਦਿੱਲੀ ਦੇ ਜੰਤਰ-ਮੰਤਰ ਚੌਕ ’ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ’ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਕਥਿਤ ਅੰਨ੍ਹੇਵਾਹ ਲਾਠੀਚਾਰਜ ਦੀ ਕੜੇ ਸ਼ਬਦਾਂ ’ਚ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵਲੋਂ ਕੀਤੇ ਗਏ ਇਸ ਅੰਨ੍ਹੇ ਤਸ਼ੱਦਦ ਕਾਰਨ ਵਿਦਿਆਰਥੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਅਤੇ ਵੱਡੀ ਗਿਣਤੀ ’ਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਕੇ ਹਸਪਤਾਲਾਂ ’ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ, ਜਿਸ ਨੇ ਪੂਰੇ ਦੇਸ਼ ਨੂੰ ਕੰਬਾ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਜਸਵਿੰਦਰ ਸਿੰਘ ਮੋਹਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੀ ਵੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਆਪਣੀਆਂ ਮੰਗਾਂ ਲਈ ਲੜ ਰਹੇ ਲੋਕਾਂ ’ਤੇ ਜ਼ੁਲਮ ਢਾਹੁਣ ਵਾਲੀ ‘ਆਪ’ ਸਰਕਾਰ ਦਾ ਵੀ ਪੰਜਾਬ ਦੇ ਲੋਕ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਬਿਸਤਰਾ ਗੋਲ ਕਰ ਦੇਣਗੇ।