ਪਟਿਆਲਾ, 29 ਜੁਲਾਈ (ਅ.ਸ. ਆਹਲੂਵਾਲੀਆ)- ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਮੰਦਿਰ ਮਾਤਾ ਕਾਲੀ ਦੇਵੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਚੱਲ ਰਹੇ ਨਵ-ਨਿਰਮਾਣ ਅਤੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੰਦਰ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਆਪਸੀ ਪਿਆਰ, ਭਾਈਚਾਰੇ ਅਤੇ ਧਾਰਮਿਕ ਸਥਾਨ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।