ਨਾਭਾ, 29 ਜੁਲਾਈ (ਵਰਿੰਦਰ ਵਰਮਾ)-ਸਫਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦਫਤਰ ਅੱਗੇ ਚਲਾਏ ਜਾ ਰਹੇ ਸੰਘਰਸ਼ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਧਰਨੇ ਵਾਲੀ ਜਗ੍ਹਾ ‘ਤੇ ਸ਼ਮੂਲੀਅਤ ਕੀਤੀ ਅਤੇ ਮੁਲਾਜ਼ਮਾਂ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ। ਉਪਰੰਤ ਸਾਧੂ ਸਿੰਘ ਧਰਮਸੋਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਫ਼ਾਈ ਸੇਵਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਪਰ ਅੱਜ ਉਨ੍ਹਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ‘ਤੇ ਬੈਠਣਾ ਪੈ ਰਿਹਾ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਹੋ ਸਕਦਾ ਹੈ। ਇਸ ਮੌਕੇ ਸਵਰਨਕਾਰ ਸੰਘ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰੀ ਕ੍ਰਿਸ਼ਨ ਸੇਠ, ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ ਨੇ ਕਿਹਾ ਕਿ ਹਰ ਵਰਕਰ ਅਤੇ ਆਗੂ ਉਨ੍ਹਾਂ ਦੇ ਹਰ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਇਸ ਮੌਕੇ ਸਫ਼ਾਈ ਸੇਵਕਾਂ ਦੇ ਪ੍ਰਧਾਨ ਸੁਨੀਲ ਗਾਗਟ ਨੇ ਕਿਹਾ ਕਿ ਵੱਖ-ਵੱਖ ਸਮਾਜਿਕ ਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਮਿਲ ਰਿਹਾ ਸਮਰਥਨ ਉਨ੍ਹਾਂ ਦੇ ਹੌਸਲੇ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ।