06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਮਾਣਾ ’ਚ ਭਾਰੀ ਮੀਂਹ ਨੇ ਖੋਲ੍ਹੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪੋਲ, ਸੜਕਾਂ ਬਣੀਆਂ ਤਲਾਬ, ਘਰਾਂ ਤੇ ਦੁਕਾਨਾਂ ’ਚ ਵੜਿਆ ਪਾਣੀ

Ad Position 21
No active advertisement
ਅਜੀਤ ਡੈਸਕ 31-07-2026
ਸਮਾਣਾ, 30 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸਮਾਣਾ ਸ਼ਹਿਰ ’ਚ ਅੱਜ ਪਏ ਭਾਰੀ ਮੀਂਹ ਨੇ ਜਿੱਥੇ ਇਕ ਪਾਸੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਦਿੱਤੀ, ਉੱਥੇ ਹੀ ਦੂਜੇ ਪਾਸੇ ਸ਼ਹਿਰ ਦੀ ਡਰੇਨੇਜ ਅਤੇ ਸੀਵਰੇਜ ਪ੍ਰਣਾਲੀ ਦੀਆਂ ਖਾਮੀਆਂ ਵੀ ਉਜਾਗਰ ਕਰ ਦਿੱਤੀਆਂ। ਕੁਝ ਹੀ ਸਮੇਂ ਦੀ ਤੇਜ਼ ਬਾਰਿਸ਼ ਤੋਂ ਬਾਅਦ ਸ਼ਹਿਰ ਦੀਆਂ ਕਈ ਮੁੱਖ ਸੜਕਾਂ, ਗਲੀਆਂ ਅਤੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ। ਸੜਕਾਂ ’ਤੇ ਕਈ-ਕਈ ਫੁੱਟ ਤੱਕ ਪਾਣੀ ਖੜ੍ਹ ਜਾਣ ਕਾਰਨ ਆਮ ਲੋਕਾਂ, ਦੋਪਹੀਆ ਅਤੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ । ਕਈ ਥਾਵਾਂ ’ਤੇ ਵਾਹਨ ਪਾਣੀ ’ਚ ਬੰਦ ਹੋ ਗਏ, ਜਦਕਿ ਪੈਦਲ ਲੰਘਣ ਵਾਲੇ ਲੋਕਾਂ ਨੂੰ ਵੀ ਕਾਫ਼ੀ ਪਰੇਸ਼ਾਨੀ ਝੱਲਣੀ ਪਈ। ਭਾਰੀ ਮੀਂਹ ਕਾਰਨ ਸ਼ਹਿਰ ਦੇ ਕਈ ਰਿਹਾਇਸ਼ੀ ਅਤੇ ਵਪਾਰਕ ਇਲਾਕਿਆਂ ’ਚ ਪਾਣੀ ਘਰਾਂ ਅਤੇ ਦੁਕਾਨਾਂ ਅੰਦਰ ਤੱਕ ਦਾਖ਼ਲ ਹੋ ਗਿਆ। ਅਚਾਨਕ ਪਾਣੀ ਭਰਨ ਨਾਲ ਲੋਕਾਂ ਨੂੰ ਆਪਣਾ ਸਮਾਨ ਬਚਾਉਣ ਲਈ ਕਾਫ਼ੀ ਜੱਦੋਜਹਿਦ ਕਰਨੀ ਪਈ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਹਰ ਸਾਲ ਬਰਸਾਤ ਦੇ ਮੌਸਮ ’ਚ ਉਨ੍ਹਾਂ ਨੂੰ ਇਸੇ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਇਸ ਸਮੱਸਿਆ ਦਾ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਸਥਾਨਕ ਨਿਵਾਸੀਆਂ ਨੇ ਨਗਰ ਕੌਂਸਲ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਹਰ ਸਾਲ ਮੀਂਹ ਤੋਂ ਪਹਿਲਾਂ ਨਾਲਿਆਂ ਅਤੇ ਸੀਵਰੇਜ ਦੀ ਸਫ਼ਾਈ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਪਹਿਲੇ ਹੀ ਭਾਰੀ ਮੀਂਹ ֹ’ਚ ਇਹ ਸਾਰੇ ਦਾਅਵੇ ਫੇਲ੍ਹ ਸਾਬਤ ਹੋ ਜਾਂਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਨਾਲਿਆਂ ਦੀ ਸਫ਼ਾਈ ਅਤੇ ਪਾਣੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾਣ ਤਾਂ ਅਜਿਹੀ ਸਥਿਤੀ ਤੋਂ ਬਚਿਆ ਜਾ ਸਕਦਾ ਹੈ। ਲੋਕਾਂ ਨੇ ਆਪਣਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਮਾਣਾ ਵਿਚ ਕਈ ਸਰਕਾਰਾਂ ਆਈਆਂ ਅਤੇ ਗਈਆਂ, ਕਈ ਨੁਮਾਇੰਦੇ ਚੁਣੇ ਗਏ ਪਰ ਸ਼ਹਿਰ ਦੀ ਪਾਣੀ ਨਿਕਾਸੀ ਦੀ ਇਹ ਪੁਰਾਣੀ ਸਮੱਸਿਆ ਅੱਜ ਵੀ ਜਿਉਂ ਦੀ ਤਿਉਂ ਬਣੀ ਹੋਈ ਹੈ। ਹਰ ਵਾਰ ਬਰਸਾਤ ਦੇ ਦਿਨਾਂ ਵਿਚ ਲੋਕਾਂ ਨੂੰ ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਵੜਨ ਕਾਰਨ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ ਪਰ ਸਥਾਈ ਹੱਲ ਵੱਲ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਜਾਂਦਾ। ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਮਾਣਾ ਦੀ ਡਰੇਨੇਜ ਅਤੇ ਸੀਵਰੇਜ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਲਈ ਜਲਦ ਤੋਂ ਜਲਦ ਪ੍ਰਭਾਵਸ਼ਾਲੀ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਅਸਥਾਈ ਪ੍ਰਬੰਧਾਂ ਨਾਲ ਨਹੀਂ, ਸਗੋਂ ਪੱਕੇ ਅਤੇ ਲੰਬੇ ਸਮੇਂ ਦੇ ਹੱਲ ਨਾਲ ਹੀ ਇਸ ਗੰਭੀਰ ਸਮੱਸਿਆ ਤੋਂ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕਦੀ ਹੈ ਤਾਂ ਜੋ ਹਰ ਬਾਰਿਸ਼ ਦੌਰਾਨ ਲੋਕਾਂ ਨੂੰ ਪਰੇਸ਼ਾਨੀਆਂ ਅਤੇ ਆਰਥਿਕ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵਿਖੇ ਗਰਜੇ ਨੌਜਵਾਨ ਅਗਲੀ ਖ਼ਬਰ ਘਨੌਲੀ ਜ਼ੋਨ ਦੀਆਂ ਫੁੱਟਬਾਲ ਸਕੂਲ ਖੇਡਾਂ ਸ਼ੁਰੂ
Ad Position 24
No active advertisement