ਨਾਭਾ, 30 ਜੁਲਾਈ (ਜਗਨਾਰ ਸਿੰਘ ਦੁਲੱਦੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਘੇ ਕੱਲ੍ਹ 29 ਜੁਲਾਈ ਨੂੰ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਨਾਭਾ ਹਲਕੇ ਤੋਂ ਜਤਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਇੱਕ ਵੱਡਾ ਜੱਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਜੱਥੇ ਨੇ ਗੁਰਦੁਆਰਾ ਅੰਬ ਸਾਹਿਬ ਚੰਡੀਗੜ੍ਹ ਵਿਖੇ ਪਹੁੰਚ ਕੇ ਪਾਰਟੀ ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਸਮਰਥਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਰਾਜੂ ਨੇ ਕਿਹਾ ਕਿ ਉਹ ਭਾਈ ਅੰਮ੍ਰਿਤ ਪਾਲ ਸਿੰਘ ਖਾਲਸਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਇਸ ਦੇ ਨਾਲ ਹੀ ਪੰਥਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਆਪਣਾ ਫ਼ਰਜ਼ ਸਮਝਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਸਮਾਜ ਦੇ ਲੋਕ ਤੰਦਰੁਸਤ, ਜਾਗਰੂਕ ਅਤੇ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਨਾਲ ਰਹਿਣ। ਉਹ ਸਮੇਂ-ਸਮੇਂ ’ਤੇ ਸਮਾਜ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਹੋਰਨਾਂ ਨੂੰ ਵੀ ਲੋਕ ਭਲਾਈ ਅਤੇ ਸੇਵਾ ਦੇ ਕਾਰਜਾਂ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਜਤਿੰਦਰ ਸਿੰਘ ਰਾਜੂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ, ਇਸ ਲਈ ਉਹ ਆਪਣੇ ਸਾਥੀਆਂ ਦੇ ਭਾਰੀ ਜੱਥੇ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਸੱਦੇ ’ਤੇ ਚੰਡੀਗੜ੍ਹ ਪਹੁੰਚੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਗਏ ਇਕੱਠ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਪਾਰਟੀ ਦੇ ਹਰ ਜਨਹਿੱਤ, ਪੰਥਕ ਅਤੇ ਸਮਾਜਿਕ ਪ੍ਰੋਗਰਾਮ ਵਿੱਚ ਪੂਰੀ ਤਨਦੇਹੀ ਨਾਲ ਹਿੱਸਾ ਲੈਂਦੇ ਰਹਿਣਗੇ ਅਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।