ਸਮਾਣਾ, 30 ਜੁਲਾਈ (ਹਰਵਿੰਦਰ ਸਿੰਘ ਟੋਨੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਦੇ ਸਮਰਥਨ ਵਿੱਚ ਵੀਰਵਾਰ ਨੂੰ ਸਮਾਣਾ ਬੰਦ ਦਾ ਵਿਆਪਕ ਅਸਰ ਵੇਖਣ ਨੂੰ ਮਿਲਿਆ। ਸ਼ਹਿਰ ਦੇ ਵੱਡੀ ਗਿਣਤੀ ਵਿੱਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸਫ਼ਾਈ ਕਰਮਚਾਰੀਆਂ ਦੇ ਹੱਕ ਵਿਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਜਲਦ ਪੂਰਾ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਸੰਬੋਧਨ ਕਰਦਿਆਂ ਦੁਕਾਨਦਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸਵੇਰੇ ਤੋਂ ਹੀ ਸ਼ਹਿਰ ਦੀ ਸਫ਼ਾਈ ਲਈ ਮਿਹਨਤ ਕਰਦੇ ਹਨ ਅਤੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਉਨ੍ਹਾਂ ਦਾ ਜਾਇਜ਼ ਹੱਕ ਹੈ ਅਤੇ ਸਰਕਾਰ ਨੂੰ ਆਪਣਾ ਵਾਅਦਾ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਕਾਂਗਰਸੀ ਐਮ.ਸੀ ਹਰਪ੍ਰੀਤ ਸਿੰਘ ਕੂਕਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਵੀ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸਫ਼ਾਈ ਕਰਮਚਾਰੀਆਂ ਨਾਲ ਸਮਝੌਤਾ ਕੀਤਾ ਗਿਆ ਸੀ, ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਮੌਕੇ ਸਫਾਈ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਪ੍ਰਦਰਸ਼ਨ, ਸੜਕਾਂ ਜਾਂ ਹੋਰ ਆਵਾਜਾਈ ਮਾਰਗਾਂ ਨੂੰ ਜਾਮ ਕਰਨ ਵਰਗੇ ਕਦਮ ਵੀ ਚੁੱਕੇ ਜਾ ਸਕਦੇ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਹੋਵੇ, ਪਰ ਸਰਕਾਰ ਦੀ ਅਣਦੇਖੀ ਕਾਰਨ ਸੰਘਰਸ਼ ਨੂੰ ਅੱਗੇ ਵਧਾਉਣਾ ਮਜਬੂਰੀ ਬਣ ਸਕਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਥਿਤ ਤੌਰ ‘ਤੇ ਧਰਨੇ ਦੌਰਾਨ ਮਹਿਲਾ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੀ ਮੰਗ ਦੁਹਰਾਈ ਗਈ। ਸਫ਼ਾਈ ਕਰਮਚਾਰੀਆਂ ਦੇ ਆਗੂਆਂ ਨੇ ਸਮਾਣਾ ਦੇ ਸਮੂਹ ਦੁਕਾਨਦਾਰਾਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਭਰਵੇਂ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਾਥ ਨੇ ਉਨ੍ਹਾਂ ਦਾ ਹੌਸਲਾ ਵਧਾਇਆ ਹੈ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।