ਦੇਵੀਗੜ੍ਹ, 30 ਜੁਲਾਈ (ਰਾਜਿੰਦਰ ਸਿੰਘ ਮੌਜੀ)-ਸ਼ਹੀਦ ਊਧਮ ਸਿੰਘ ਦੇ ਮਹਾਨ ਬਲਿਦਾਨ ਨੂੰ ਯਾਦ ਕਰਦਿਆਂ ਦੇਵੀਗੜ੍ਹ ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ‘ਲੋਕ ਸੇਵਾ ਮੰਚ’ ਵਲੋਂ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਦੇਸ਼ ਦੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਵਿੱਚ ਪੰਜਾਬ ਦੀ ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੀ ਸ਼ੁਰੂਆਤ ਸ਼ਹੀਦ ਊਧਮ ਸਿੰਘ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਭੇਟ ਕਰਕੇ ਅਤੇ ਉਨ੍ਹਾਂ ਨੂੰ ਨਮਨ ਕਰਕੇ ਕੀਤੀ ਗਈ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਪ੍ਰਨੀਤ ਕੌਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਸਾਨੂੰ ਦੇਸ਼ ਭਗਤੀ, ਦ੍ਰਿੜ੍ਹਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਕਿਸੇ ਲੋੜਵੰਦ ਮਰੀਜ਼ ਨੂੰ ਖ਼ੂਨਦਾਨ ਕਰਕੇ ਨਵੀਂ ਜ਼ਿੰਦਗੀ ਦੇਣਾ ਸਭ ਤੋਂ ਉੱਤਮ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਨੌਜਵਾਨਾਂ ਨੂੰ ਅਜਿਹੇ ਭਲਾਈ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਲੋਕ ਸੇਵਾ ਮੰਚ ਵੱਲੋਂ ਕੀਤਾ ਗਿਆ ਇਹ ਉਪਰਾਲਾ ਇਲਾਕੇ ਲਈ ਪ੍ਰੇਰਨਾਦਾਇਕ ਹੈ।” ਕੈਂਪ ਦੌਰਾਨ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਦੀ ਵਿਸ਼ੇਸ਼ ਟੀਮ ਨੇ ਪੂਰੀ ਸੂਝਬੂਝ, ਤਕਨੀਕੀ ਮੁਹਾਰਤ ਤਰੀਕਿਆਂ ਨਾਲ ਖ਼ੂਨ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ। ਡਾਕਟਰਾਂ ਦੀ ਟੀਮ ਨੇ ਖ਼ੂਨਦਾਨੀਆਂ ਨੂੰ ਇਸ ਨੇਕ ਕਾਰਜ ਦੇ ਸਿਹਤ ਪ੍ਰਤੀ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਖ਼ੂਨਦਾਨ ਕੈਂਪ ਵਿੱਚ ਇਲਾਕੇ ਦੇ ਨੌਜਵਾਨਾਂ ਅਤੇ ਵਲੰਟੀਅਰਾਂ ਭਾਰੀ ਉਤਸ਼ਾਹ ਦਿਖਾਇਆ ਅਤੇ ਕੁੱਲ 27 ਵਿਅਕਤੀਆਂ ਨੇ ਆਪਣੀ ਸਵੈ-ਇੱਛਾ ਨਾਲ ਖ਼ੂਨਦਾਨ ਕੀਤਾ। ਸਮਾਜ ਸੇਵੀ ਸੰਸਥਾ ਦੇ ਆਗੂਆਂ ਵੱਲੋਂ ਖ਼ੂਨਦਾਨ ਕਰਨ ਵਾਲੇ ਸਮੂਹ ਦਾਨੀਆਂ ਨੂੰ ਹੌਸਲਾ ਅਫ਼ਜ਼ਾਈ ਵਜੋਂ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤਾਂ ਜੋ ਹੋਰ ਲੋਕ ਵੀ ਇਸ ਪਵਿੱਤਰ ਕਾਰਜ ਲਈ ਅੱਗੇ ਆ ਸਕਣ। ਸਮਾਗਮ ਦੇ ਅੰਤ ਵਿੱਚ ‘ਲੋਕ ਸੇਵਾ ਮੰਚ’ ਦੇ ਆਹੁਦੇਦਾਰਾਂ ਅਤੇ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਪ੍ਰਨੀਤ ਕੌਰ ਅਤੇ ਰਾਜਿੰਦਰਾ ਹਸਪਤਾਲ ਦੀ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਨੇ ਆਏ ਹੋਏ ਮਹਿਮਾਨਾਂ, ਖ਼ੂਨਦਾਨੀਆਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਸਵਿੰਦਰ ਸਿੰਘ, ਲੋਕ ਸੇਵਾ ਮੰਚ ਦੇ ਪ੍ਰਧਾਨ ਕਰਮਜੀਤ ਸਿੰਘ, ਜਨਰਲ ਸਕੱਤਰ ਹਰਜੀਤ ਸਿੰਘ ਬਿੱਟੂ, ਚੇਅਰਮੈਨ ਹਰਦੇਵ ਸਿੰਘ, ਹਰਵਿੰਦਰ ਸਿੰਘ ਬੱਬੂ, ਜਸਵਿੰਦਰ ਸਿੰਘ ਬ੍ਰਹਮਪੁਰ, ਪ੍ਰਿਥੀਪਾਲ ਸਿੰਘ ਧਾਂਦੀਆਂ ਕੁਲਵਿੰਦਰ ਸਿੰਘ, ਆਦਿ ਹਾਜ਼ਰ ਸਨ।