ਪਟਿਆਲਾ, 31 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦੇ ਅਧਾਰ ’ਤੇ ਤਰਜੀਹ ਦੇ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਯੋਗਦਾਨ ਦਾ ਕੋਈ ਬਦਲ ਨਹੀਂ ਹੋ ਸਕਦਾ। ਇਹ ਗੱਲ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇਕ ਪ੍ਰੈੱਸ ਮਿਲਨੀ ਦੌਰਾਨ ਕਹੀ। ਉਨ੍ਹਾਂ ਮੁਤਾਬਿਕ ਦਰਜਾ ਚਾਰ ਕਰਮਚਾਰੀਆਂ ਨੂੰ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤਨਖ਼ਾਹ ਦੇਣ ਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਵੀ ਸਰਕਾਰ ਵਚਨਬੱਧ ਹੈ। ਸਫ਼ਾਈ ਕਰਮਚਾਰੀ ਯੂਨੀਅਨਾਂ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ-ਭਲਾਈ ਵਿਕਾਸ ਦੀ ਇਸ ਮੁਹਿੰਮ ’ਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਅਟਾਰੀ ਬਾਰਡਰ ਅਤੇ ਰਾਮ ਤੀਰਥ ਤੋਂ ਇਲਾਵਾ ਹੁਣ ਹਰਿਦੁਆਰ, ਰਿਸ਼ੀਕੇਸ਼, ਵ੍ਰਿੰਦਾਵਨ ਅਤੇ ਖਾਟੂ ਸ਼ਿਆਮ ਲਈ ਵੀ ਬੱਸਾਂ ਚਲਾਈਆਂ ਜਾ ਰਹੀਆਂ ਹਨ। ਹਰ ਰੋਜ਼ ਸ਼ਹਿਰ ਤੋਂ ਤਿੰਨ ਬੱਸਾਂ ਰਵਾਨਾ ਹੁੰਦੀਆਂ ਹਨ ਅਤੇ ਯਾਤਰਾ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਚੁਕਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੇ ਹੱਕਾਂ, ਸਨਮਾਨ ਤੇ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਮੌਜੂਦ ਸਨ।