ਖਾਲੀ ਪਲਾਟਾਂ ਦੀ ਸਮੇਂ-ਸਮੇਂ ’ਤੇ ਸਫ਼ਾਈ ਨਾ ਕਰਵਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਡੀ. ਸੀ.
ਪਟਿਆਲਾ, 2 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਖਾਲੀ ਪਏ ਪਲਾਟਾਂ ਵਿਚ ਕੂੜਾ-ਕਰਕਟ, ਗੰਦਗੀ ਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਕਾਰਨ ਪੈਦਾ ਹੋ ਰਹੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਸਖ਼ਤ ਹੁਕਮ ਜਾਰੀ ਕੀਤੇ ਹਨ।
ਪਟਿਆਲਾ, 2 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਖਾਲੀ ਪਏ ਪਲਾਟਾਂ ਵਿਚ ਕੂੜਾ-ਕਰਕਟ, ਗੰਦਗੀ ਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਕਾਰਨ ਪੈਦਾ ਹੋ ਰਹੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਸਖ਼ਤ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਸਿਰਫ਼ ਕਾਗਜ਼ੀ ਹੁਕਮਾਂ ਤੱਕ ਸੀਮਤ ਨਹੀਂ ਰਹੇਗੀ। ਨਿੱਜੀ ਤੇ ਸਰਕਾਰੀ ਖਾਲੀ ਪਲਾਟਾਂ ਦੀ ਸਫ਼ਾਈ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਮੁਖੀਆਂ ਵਲੋਂ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਜਾਵੇਗੀ ਤੇ ਕਾਰਵਾਈ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਸਾਰਾ ਕੰਮ 20 ਸਤੰਬਰ 2026 ਤੱਕ ਹਰ ਹਾਲਤ ਵਿਚ ਮੁਕੰਮਲ ਕਰਵਾਇਆ ਜਾਵੇ। ਜੇਕਰ ਨਿਸ਼ਚਤ ਮਿਤੀ ਤੋਂ ਬਾਅਦ ਕਿਸੇ ਨਿੱਜੀ ਪਲਾਟ ਦੀ ਸਾਫ਼ ਸਫ਼ਾਈ ਦਾ ਕੰਮ ਨਗਰ ਨਿਗਮ ਜਾ ਨਗਰ ਕੌਂਸਲ, ਪੰਚਾਇਤ ਵਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ਼ ਸਫ਼ਾਈ ਦੇ ਹੋਣ ਵਾਲੇ ਖਰਚੇ ਦੀ ਰਿਕਵਰੀ ਪਲਾਟ ਦੇ ਕਾਬਜ, ਮਾਲਕ ਪਾਸੋਂ ਕੀਤੀ ਜਾਵੇ ਤੇ ਰਿਕਵਰੀ ਨਾ ਹੋਣ ਦੀ ਸੂਰਤ ਵਿਚ ਮਾਲ ਰਿਕਾਰਡ ਵਿਚ ਐਂਟਰੀ ਦਰਜ ਕਾਰਵਾਈ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਪਟਿਆਲਾ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਆਪਣੇ ਪੱਧਰ ’ਤੇ ਪਲਾਟਾਂ ਵਿਚ ਪਿਆ ਕੂੜਾ-ਕਰਕਟ, ਗੰਦਗੀ ਤੇ ਰੁਕਿਆ ਹੋਇਆ ਗੰਦਾ ਪਾਣੀ ਤੁਰੰਤ ਸਾਫ਼ ਕਰਵਾਉਣਾ ਹੋਵੇਗਾ। ਇਸ ਤੋਂ ਇਲਾਵਾ ਖਾਲੀ ਪਲਾਟਾਂ ਦੇ ਆਲੇ-ਦੁਆਲੇ ਪੱਕੀ ਚਾਰਦੀਵਾਰੀ ਜਾਂ ਢੁਕਵੀਂ ਫੈਂਸਿੰਗ ਕਰਵਾਉਣੀ ਲਾਜ਼ਮੀ ਹੋਵੇਗੀ, ਤਾਂ ਜੋ ਪਲਾਟਾਂ ਨੂੰ ਕੂੜੇ ਦੇ ਡੰਪਿੰਗ ਸਥਾਨ ਵਜੋਂ ਵਰਤਣ ਤੋਂ ਰੋਕਿਆ ਜਾ ਸਕੇ ਤੇ ਜਨਤਕ ਸਿਹਤ ਨੂੰ ਖ਼ਤਰੇ ਤੋਂ ਬਚਾਇਆ ਜਾ ਸਕੇ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਖਾਲੀ ਪਲਾਟਾਂ ਵਿਚ ਕੂੜਾ ਤੇ ਗੰਦਾ ਪਾਣੀ ਇਕੱਠਾ ਹੋਣ ਨਾਲ ਮੱਛਰਾਂ ਅਤੇ ਹੋਰ ਬਿਮਾਰੀ ਫੈਲਾਉਣ ਵਾਲੇ ਜੀਵਾਂ ਦੀ ਪੈਦਾਵਾਰ ਹੁੰਦੀ ਹੈ, ਜਿਸ ਨਾਲ ਆਮ ਲੋਕਾਂ ਦੀ ਸਿਹਤ ਨੂੰ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਜਨਤਕ ਸਿਹਤ ਨਾਲ ਜੁੜੇ ਇਸ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਖਾਲੀ ਪਲਾਟਾਂ ਵਿਚ ਗੰਦਗੀ ਬਾਰੇ ਸੂਚਨਾ ਲਈ ਲੋਕਾਂ ਵਲੋਂ ਵਟਸਐੱਪ ਨੰਬਰ 959-200-3366 ’ਤੇ (ਸਿਰਫ ਮੈਸੇਜ, ਫੋਟੋ ਜਾਂ ਲੋਕੇਸ਼ਨ ਰਾਹੀਂ) ਸੂਚਨਾ ਦਿੱਤੀ ਜਾ ਸਕਦੀ ਹੈ ਹੁਕਮਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਪਟਿਆਲਾ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਵਿਅਕਤੀ ਜਾ ਅਦਾਰੇ ਵਿਰੁੱਧ ਜਨਤਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੇ ਸਿੱਟੇ ਵਜੋਂ ਉਕਤ ਨਿਯਮਾਂ ਤਹਿਤ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਦੇ ਹੋਏ ਮਾਮਲੇ ਦਰਜ ਕੀਤੇ ਜਾਣਗੇ।