ਪੀ. ਆਰ. ਟੀ. ਸੀ. ਦੇ 2500 ਮੁਲਾਜ਼ਮਾਂ ਨਾਲ ਧੋਖਾ ਬੰਦ ਕਰੇ ਭਗਵੰਤ ਮਾਨ ਸਰਕਾਰ- ਸੰਜੀਵ ਬਿੱਟੂ
ਪਟਿਆਲਾ, 10 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੀ. ਆਰ.
ਪਟਿਆਲਾ, 10 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੀ. ਆਰ. ਟੀ. ਸੀ. ਦੇ ਲਗਪਗ 2500 ਆਊਟਸੋਰਸ ਮੁਲਾਜ਼ਮਾਂ ਨਾਲ ਕੀਤਾ ਜਾ ਰਿਹਾ ਧੱਕਾ ਬੇਹੱਦ ਮੰਦਭਾਗਾ ਤੇ ਨਿੰਦਣਯੋਗ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਮੇਅਰ ਸੰਜੀਵ ਬਿੱਟੂ ਨੇ ਕਿਹਾ ਕਿ ਪੀ. ਆਰ. ਟੀ. ਸੀ. ਮੁਲਾਜ਼ਮ ਪਿਛਲੇ ਲਗਪਗ 10 ਸਾਲਾਂ ਤੋਂ ਆਪਣੀ ਜਵਾਨੀ ਅਤੇ ਕੀਮਤੀ ਸਮਾਂ ਪੀ. ਆਰ. ਟੀ. ਸੀ. ਦੀ ਸੇਵਾ ਵਿਚ ਲਗਾ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਇਹ ਦਾਅਵੇ ਕਰਦੀ ਰਹੀ ਹੈ ਕਿ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆ ਕੇ ਉਨ੍ਹਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕੀਤਾ ਜਾਵੇਗਾ, ਪਰ ਦੂਜੇ ਪਾਸੇ ਇਨ੍ਹਾਂ ਹੀ ਮੁਲਾਜ਼ਮਾਂ ਦੇ ਹੱਕਾਂ ਦੇ ਵਿਰੁੱਧ ਸਰਕਾਰ ਅਤੇ ਪੀ. ਆਰ. ਟੀ. ਸੀ. ਵਲੋਂ ਮਾਣਯੋਗ ਹਾਈਕੋਰਟ ਵਿਚ ਪੱਖ ਰੱਖਿਆ ਗਿਆ। ਇਸ ਮਾਮਲੇ ਵਿਚ ਪੰਜਾਬ ਦੇ ਐਡਵੋਕੇਟ ਜਨਰਲ ਵਲੋਂ ਖੁਦ ਹਾਈਕੋਰਟ ਵਿਚ ਪੇਸ਼ ਹੋਣਾ ਇਹ ਸਵਾਲ ਖੜ੍ਹਾ ਕਰਦਾ ਹੈ ਕਿ ਜਿਹੜੀ ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕਰਦੀ ਹੈ, ਉਹੀ ਸਰਕਾਰ ਉਨ੍ਹਾਂ ਦੇ ਰੁਜ਼ਗਾਰ ਦੀ ਰੱਖਿਆ ਕਰਨ ਦੀ ਬਜਾਏ ਉਨ੍ਹਾਂ ਦੇ ਖਿਲਾਫ ਕਿਉਂ ਖੜ੍ਹੀ ਹੈ? ਭਗਵੰਤ ਮਾਨ ਸਰਕਾਰ ਨੇ ਇਨ੍ਹਾਂ 2500 ਪਰਿਵਾਰਾਂ ਦੀ ਰੋਜ਼ੀ-ਰੋਟੀ ਨਾਲ ਖਿਲਵਾੜ ਕੀਤਾ ਹੈ। ਸੰਜੀਵ ਬਿੱਟੂ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਤੋਂ ਮੰਗ ਕਰਦੇ ਹਨ ਹੈ ਕਿ ਸਰਕਾਰ ਆਪਣੇ ਕੀਤੇ ਵਾਅਦੇ ਨੂੰ ਤੁਰੰਤ ਪੂਰਾ ਕਰਦਿਆਂ ਇਨ੍ਹਾਂ ਪੀ.ਆਰ.ਟੀ.ਸੀ. ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆ ਕੇ ਉਨ੍ਹਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰੇ।