ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਪੱਧਰੀ ਮੀਟਿੰਗ
ਪਟਿਆਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਜਾਰੀ ਰਹੇਗੀ ਮੁਹਿੰਮ- ਅਜੀਤਪਾਲ ਸਿੰਘ ਕੋਹਲੀ ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ 551 ਦਿਨ ਪੂਰੇ ਹੋਣ ’ਤੇ ਹਰੇਕ ਵਿਧਾਨ ਸਭਾ ਹਲਕੇ ਵਿਚ ਹਲਕਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਟਿਆਲਾ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਹਲਕਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਮੁਕਤੀ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਹਲਕਾ ਪੱਧਰੀ ਮੀਟਿੰਗ ਦੌਰਾਨ ਅਜੀਤਪਾਲ ਸਿੰਘ ਕੋਹਲੀ ਤੇ ਹੋਰ। ਅਜੀਤ ਤਸਵੀਰ
16-09-2026
ਪਟਿਆਲਾ, 15 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ 551 ਦਿਨ ਪੂਰੇ ਹੋਣ ’ਤੇ ਹਰੇਕ ਵਿਧਾਨ ਸਭਾ ਹਲਕੇ ਵਿਚ ਹਲਕਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪਟਿਆਲਾ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਹਲਕਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਮੁਕਤੀ ਸੰਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕਾ ਪ੍ਰਧਾਨ ਦਵਿੰਦਰ ਪਾਲ ਸਿੰਘ ਵਿੱਕੀ, ਡੀ. ਐਸ. ਪੀ. ਸਿਟੀ ਸੰਜੀਵ ਸਿੰਗਲਾ ਅਤੇ ਐਸ.ਡੀ.ਐਮ. ਗੁਰਦੇਵ ਸਿੰਘ ਧੰਮ ਸਮੇਤ ਹੋਰ ਪਤਵੰਤੇ ਤੇ ਸੰਬੰਧਿਤ ਅਧਿਕਾਰੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਹਲਕੇ ਵਿਚ ਵੀ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਤੇ ਪ੍ਰਸ਼ਾਸਨ ਨਾਲ ਮਿਲ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀ.ਡੀ.ਸੀ. ਅਤੇ ਡਬਲਯੂ.ਡੀ.ਸੀ. ਮੈਂਬਰਾਂ ਵਲੋਂ ਨਸ਼ਿਆਂ ਨਾਲ ਸੰਬੰਧਿਤ ਮਾਮਲਿਆਂ ਬਾਰੇ ਦਿੱਤੀ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਿਤ ਮਾਮਲਿਆਂ ਵਿਚ ਕਾਰਵਾਈ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੇ ਨਸ਼ਾ ਤਸਕਰੀ ਨਾਲ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸ. ਕੋਹਲੀ ਨੇ ਕਿਹਾ ਕਿ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਉੱਥੇ ਇਲਾਜ ਕਰਵਾ ਰਹੇ ਨੌਜਵਾਨਾਂ ਦੀ ਸਥਿਤੀ ਬਾਰੇ ਵੀ ਲਗਾਤਾਰ ਜਾਣਕਾਰੀ ਲਈ ਜਾ ਰਹੀ ਹੈ। ਇਸ ਸੰਬੰਧੀ ਸੰਬੰਧਿਤ ਐਮ.ਸੀ. ਨੂੰ ਵੀ ਲਗਾਤਾਰ ਫਾਲੋਅਪ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਹਲਕਾ ਪ੍ਰਧਾਨ ਦਵਿੰਦਰ ਪਾਲ ਸਿੰਘ ਵਿੱਕੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਲੰਬੀ ਹੈ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪਟਿਆਲਾ ਵਿਚੋਂ ਨਸ਼ੇ ਦੀ ਅਖੀਰਲੀ ਪੂੜੀ ਵੀ ਖ਼ਤਮ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਾਰਿਆਂ ਦੇ ਸਹਿਯੋਗ ਨਾਲ ਲਗਾਤਾਰ ਯਤਨ ਕੀਤੇ ਜਾਂਦੇ ਰਹਿਣਗੇ।