ਐਸ. ਡੀ. ਐਮ. ਬਨੂੜ ਵਲੋਂ ਮੰਡੀਆਂ ’ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਬਨੂੜ, 7 ਅਕਤੂਬਰ (ਭੁਪਿੰਦਰ ਸਿੰਘ)- ਉਪ ਮੰਡਲ ਮੈਜਿਸਟ੍ਰੇਟ ਬਨੂੜ ਰਮਨਦੀਪ ਕੌਰ ਵਲੋਂ ਬਨੂੜ ਸਬ-ਡਵੀਜ਼ਨ ਅਧੀਨ ਆਉਂਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਮੰਡੀਆਂ ਵਿਚ ਕੰਡਿਆਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਖਰੀਦੇ ਗਏ ਝੋਨੇ ਦੀ ਲਿਫਟਿੰਗ ਦੀ ਪ੍ਰਗਤੀ ਵੀ ਵੇਖੀ ਗਈ।
ਬਨੂੜ, 7 ਅਕਤੂਬਰ (ਭੁਪਿੰਦਰ ਸਿੰਘ)- ਉਪ ਮੰਡਲ ਮੈਜਿਸਟ੍ਰੇਟ ਬਨੂੜ ਰਮਨਦੀਪ ਕੌਰ ਵਲੋਂ ਬਨੂੜ ਸਬ-ਡਵੀਜ਼ਨ ਅਧੀਨ ਆਉਂਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਮੰਡੀਆਂ ਵਿਚ ਕੰਡਿਆਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਖਰੀਦੇ ਗਏ ਝੋਨੇ ਦੀ ਲਿਫਟਿੰਗ ਦੀ ਪ੍ਰਗਤੀ ਵੀ ਵੇਖੀ ਗਈ। ਉਨ੍ਹਾਂ ਨੇ ਮੰਡੀਆਂ ਵਿਚ ਚੱਲ ਰਹੀ ਖ਼ਰੀਦ ਪ੍ਰਕਿਰਿਆ ਸੰਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕਰਦਿਆਂ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕਾ ਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਝੋਨਾ ਹੀ ਲੈ ਕੇ ਆਉਣ ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੰਬਾਇਨ ਮਸ਼ੀਨਾਂ ਰਾਹੀਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਵਾਢੀ ਨਾ ਕੀਤੀ ਜਾਵੇ। ਐਸ. ਡੀ. ਐਮ. ਰਮਨਦੀਪ ਕੌਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ, ਮਨੁੱਖੀ ਸਿਹਤ ਅਤੇ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਪਰਾਲੀ ਦੇ ਖੇਤ ਵਿਚ ਹੀ ਪ੍ਰਬੰਧਨ ਅਤੇ ਖੇਤ ਤੋਂ ਬਾਹਰ ਪ੍ਰਬੰਧਨ ਦੇ ਢੰਗਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਉਪਲਬਧ ਸਹੂਲਤਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਹਰ ਸੰਭਵ ਤਕਨੀਕੀ ਅਤੇ ਵਿਭਾਗੀ ਸਹਾਇਤਾ ਮੁਹੱਈਆ ਕਰਵਾਈ ਜਾਵੇ।