ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀਆਂ ਦਾ ਮੰਤਰੀ ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ ਨੇ ਹਾਲ-ਚਾਲ ਜਾਣਿਆ
ਕਿਹਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਸਮੇਤ ਮੁਫ਼ਤ ਇਲਾਜ ਕਰਵਾਇਆ ਜਾਵੇਗਾ
ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੇ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਲਹਿਰਾ ਹਲਕੇ ਦੇ ਪਿੰਡ ਅਲੀਸ਼ੇਰ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਹਾਲ-ਚਾਲ ਜਾਣਿਆ।
ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੇ ਕੈਬਨਿਟ ਮੰਤਰੀਆਂ ਬਰਿੰਦਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਲਹਿਰਾ ਹਲਕੇ ਦੇ ਪਿੰਡ ਅਲੀਸ਼ੇਰ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਹਾਲ-ਚਾਲ ਜਾਣਿਆ। ਦੋਵਾਂ ਮੰਤਰੀਆਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਪੀੜਤਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਮਰੀਜ਼ਾਂ ਨੂੰ ਬਿਹਤਰ ਤੋਂ ਬਿਹਤਰ ਇਲਾਜ ਮੁਹੱਈਆ ਕਰਵਾਇਆ ਜਾਵੇ ਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਡਾ. ਬਲਬੀਰ ਸਿੰਘ ਅਤੇ ਬਰਿੰਦਰ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਸ ਭਿਆਨਕ ਹਾਦਸੇ ਵਿਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਇਲਾਜ ਵੀ ਪੰਜਾਬ ਸਰਕਾਰ ਵਲੋਂ ਮੁਫ਼ਤ ਕਰਵਾਇਆ ਜਾਵੇਗਾ। ਮੰਤਰੀਆਂ ਨੇ ਦੱਸਿਆ ਕਿ ਜ਼ੇਰੇ ਇਲਾਜ ਮਰੀਜ਼ਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ ਤੇ ਉਹ ਖ਼ਤਰੇ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਪੀੜਤਾਂ ਦੀ ਸਹਾਇਤਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਲਾਪਰਵਾਹੀ ਕਾਰਨ ਵਾਪਰੇ ਇਸ ਹਾਦਸੇ ਵਿਚ ਅੱਠ ਪਰਿਵਾਰਾਂ ਦੇ ਚਿਰਾਗ ਬੁਝ ਗਏ ਹਨ। ਉਨ੍ਹਾਂ ਕਿਹਾ ਕਿ ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ. ਪੀ. ਐੱਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਬੀ.ਡੀ.ਪੀ.ਓ. ਭਵਾਨੀਗੜ੍ਹ ਸੁਖਵਿੰਦਰ ਸਿੰਘ ਟਿਵਾਣਾ, ਡਾ. ਪਰਮਜੀਤ ਸਿੰਘ ਰਾਜਾ ਅਤੇ ਡਾ. ਵਿਨੋਦ ਡਾਂਗਵਾਲ ਵੀ ਹਾਜ਼ਰ ਸਨ।