ਨਸ਼ਾ ਮੁਕਤੀ ਤੇ ਨੌਜਵਾਨਾਂ ਦੇ ਮੁੜ-ਵਸੇਬੇ ਲਈ ਜਾਗਰੂਕਤਾ ਤੇ ਸਮਾਜਿਕ ਸਹਿਯੋਗ ਜ਼ਰੂਰੀ- ਅਮਨਦੀਪ ਕੌਰ
ਰੂਪਨਗਰ, 29 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸ਼ੁਰੂ ਕੀਤੀ ਗਈ ਨੌਜਵਾਨਾਂ ਦੀ ਨਸ਼ਾ ਮੁਕਤੀ, ਸਿਹਤਯਾਬੀ ਤੇ ਮੁੜ-ਵਸੇਬੇ ਸਬੰਧੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਇਲਾਜ, ਮੁੜ-ਵਸੇਬੇ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.
ਰੂਪਨਗਰ, 29 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸ਼ੁਰੂ ਕੀਤੀ ਗਈ ਨੌਜਵਾਨਾਂ ਦੀ ਨਸ਼ਾ ਮੁਕਤੀ, ਸਿਹਤਯਾਬੀ ਤੇ ਮੁੜ-ਵਸੇਬੇ ਸਬੰਧੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਇਲਾਜ, ਮੁੜ-ਵਸੇਬੇ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦੇ ਨਾਲ-ਨਾਲ ਨਸ਼ਿਆਂ ਦੀ ਨਿਰਭਰਤਾ ਤੋਂ ਉੱਭਰ ਰਹੇ ਵਿਅਕਤੀਆਂ ਨੂੰ ਢੁਕਵਾਂ ਇਲਾਜ, ਸਲਾਹ-ਮਸ਼ਵਰਾ ਤੇ ਪਰਿਵਾਰਕ ਸਹਿਯੋਗ ਮੁਹੱਈਆ ਕਰਵਾਉਣ ਦੀ ਮਹੱਤਤਾ ਨੂੰ ਉਜਾਗਰ ਕਰਨਾ ਹੈ। ਨਸ਼ਾ ਮੁਕਤੀ ਅਤੇ ਮੁੜ-ਵਸੇਬੇ ਦੀ ਪ੍ਰਕਿਰਿਆ ਦੌਰਾਨ ਨੌਜਵਾਨਾਂ ਨੂੰ ਹੁਨਰ ਵਿਕਾਸ, ਕਿੱਤਾਮੁਖੀ ਸਿਖਲਾਈ, ਰੁਜ਼ਗਾਰ ਦੇ ਮੌਕਿਆਂ ਅਤੇ ਸਕਾਰਾਤਮਿਕ ਸਮਾਜਿਕ ਗਤੀਵਿਧੀਆਂ ਨਾਲ ਜੋੜਨਾ ਵੀ ਬੇਹੱਦ ਮਹੱਤਵਪੂਰਨ ਹੈ। ਸੀ.ਜੇ.ਐਮ. ਕਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਸਕੱਤਰ ਸ੍ਰੀਮਤੀ ਅਮਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਪ੍ਰਭਾਵਿਤ ਵਿਅਕਤੀਆਂ ਪ੍ਰਤੀ ਹਮਦਰਦੀ ਅਤੇ ਸਹਿਯੋਗ ਵਾਲਾ ਰਵੱਈਆ ਅਪਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮਾਪਿਆਂ, ਅਧਿਆਪਕਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਮੇਂ ਸਿਰ ਮਾਰਗ ਦਰਸ਼ਨ, ਪਰਿਵਾਰਕ ਸਹਿਯੋਗ ਅਤੇ ਸਮਾਜਿਕ ਸਾਂਝ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਨਵੀਂ ਸ਼ੁਰੂਆਤ ਕਰਨ ਦਾ ਮੌਕਾ ਦੇਣ ਵਿਚ ਸਹਾਇਕ ਸਿੱਧ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੋਲ-ਫਰੀ ਹੈਲਪ ਲਾਈਨ 15100 ’ਤੇ ਸੰਪਰਕ ਕਰ ਸਕਦੇ ਹਨ।