ਡੀ.ਏ.ਵੀ. ਪਬਲਿਕ ਸਕੂਲ ਵਲੋਂ ਛੇਵੀਂ ਸਾਲਾਨਾ ਅਥਲੈਟਿਕ ਮੀਟ–2026 ਕਰਵਾਈ
ਪਟਿਆਲਾ, 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡੀ. ਏ.
ਪਟਿਆਲਾ, 5 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡੀ.ਏ.ਵੀ. ਪਬਲਿਕ ਸਕੂਲ ਪਟਿਆਲਾ ਵਲੋਂ ਛੇਵੀਂ ਸਾਲਾਨਾ ਐਥਲੈਟਿਕ ਮੀਟ–2026 ਦਾ ਆਯੋਜਨ ਗਵਰਨਮੈਂਟ ਫਿਜ਼ੀਕਲ ਕਾਲਜ ਗਰਾਊਂਡਜ਼, ਪਟਿਆਲਾ ਵਿਖੇ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਕੀਤਾ ਗਿਆ। ਇਸ ਮੌਕੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪੁਸ਼ਪਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਅਨੁ ਤਿਵਾਰੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਦੀ ਸ਼ੋਭਾ ਵਧਾਈ। ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾਰੀ ਨੇ ਸਮੂਹ ਪਤਵੰਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਦੇ ਰਸਮੀ ਸਵਾਗਤ ਨਾਲ ਹੋਈ। ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਡੀ.ਏ.ਵੀ. ਗੀਤ ਨੇ ਸਮੁੱਚੇ ਮਾਹੌਲ ਨੂੰ ਮਾਣ ਅਤੇ ਉਤਸ਼ਾਹ ਨਾਲ ਭਰ ਦਿੱਤਾ। ਆਪਣੇ ਸਵਾਗਤੀ ਭਾਸ਼ਣ ਵਿਚ ਪ੍ਰਿੰਸੀਪਲ ਵਿਵੇਕ ਤਿਵਾਰੀ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਲਗਨ, ਦ੍ਰਿੜ੍ਹਤਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਇਕ ਹੋਰ ਪ੍ਰਮੁੱਖ ਆਕਰਸ਼ਣ ਤਮਗਾ ਵੰਡ ਸਮਾਰੋਹ ਰਿਹਾ, ਜਿਸ ਦੌਰਾਨ ਵੱਖ-ਵੱਖ ਟਰੈਕ ਅਤੇ ਫੀਲਡ ਮੁਕਾਬਲਿਆਂ ਦੇ ਜੇਤੂਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ। ਜੇਤੂਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤਿਭਾ ਦੀ ਸਭ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵੱਖ-ਵੱਖ ਵਰਗਾਂ ਵਿਚ ਸਰਵੋਤਮ ਖਿਡਾਰੀਆਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ।