ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ‘ਪੰਜਾਬੀ ਮਾਂ-ਬੋਲੀ’ ਨੂੰ ਸਮਰਪਿਤ ਸੈਮੀਨਾਰ ਤੇ ਕਵੀ ਦਰਬਾਰ ਕਰਵਾਇਆ
ਪਟਿਆਲਾ, 9 ਨਵੰਬਰ ( ਗੁਰਵਿੰਦਰ ਸਿੰਘ ਔਲਖ)-ਸਟੇਟ ਕਾਲਜ ਆਫ਼ ਐਜੂਕੇਸ਼ਨ ਵਲੋਂ ਪੰਜਾਬੀ ਸਾਹਿਤ ਸਭਿਆਚਾਰ ਮੰਚ ਪਟਿਆਲਾ ਦੇ ਸਹਿਯੋਗ ਨਾਲ ‘ਪੰਜਾਬੀ ਮਾਂ-ਬੋਲੀ’ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਾਲਜ ਦੀ ਪ੍ਰਿੰਸੀਪਲ ਪ੍ਰੋ.
ਸ
ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ‘ਪੰਜਾਬੀ ਮਾਂ-ਬੋਲੀ’ ਨੂੰ ਸਮਰਪਿਤ ਸੈਮੀਨਾਰ ਦਾ ਦ੍ਰਿਸ਼। ਅਜੀਤ ਤਸਵੀਰ
10-11-2026
ਪਟਿਆਲਾ, 9 ਨਵੰਬਰ ( ਗੁਰਵਿੰਦਰ ਸਿੰਘ ਔਲਖ)-ਸਟੇਟ ਕਾਲਜ ਆਫ਼ ਐਜੂਕੇਸ਼ਨ ਵਲੋਂ ਪੰਜਾਬੀ ਸਾਹਿਤ ਸਭਿਆਚਾਰ ਮੰਚ ਪਟਿਆਲਾ ਦੇ ਸਹਿਯੋਗ ਨਾਲ ‘ਪੰਜਾਬੀ ਮਾਂ-ਬੋਲੀ’ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਾਲਜ ਦੀ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਨੇ ਕੀਤੀ। ਇਸ ਮੌਕੇ ਵਿਸ਼ਵ ਪੰਜਾਬੀ ਕਾਨਫਰੰਸ ਟੋਰਾਂਟੋ, ਕੈਨੇਡਾ ਦੇ ਪ੍ਰਧਾਨ ਗਿਆਨ ਸਿੰਘ ਕੰਗ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਕਵੀ ਦਰਸ਼ਨ ਬੁੱਟਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕੰਗ ਸਮਾਜ ਸੇਵਾ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਫੌਜੀ ਅਤੇ ਸਟੇਟ ਐਵਾਰਡੀ ਸੈਂਟਰ ਹੈੱਡ ਟੀਚਰ ਰਵਿੰਦਰ ਸਿੰਘ ਕੰਗ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਮਾਗਮ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਅਤੇ ਮੁੱਖ ਮਹਿਮਾਨਾਂ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਸੈਮੀਨਾਰ ਅਤੇ ਕਵੀ ਦਰਬਾਰ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ ਨੇ ਸਾਹਿਤਕਾਰਾਂ, ਕਵੀਆਂ ਅਤੇ ਬੁਲਾਰਿਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਨੇ ਆਪਣੇ ਪ੍ਰੇਰਨਾਦਾਇਕ ਸੰਦੇਸ਼ ਵਿਚ ਕਿਹਾ ਕਿ ਮਾਂ-ਬੋਲੀ ਕਿਸੇ ਵੀ ਕੌਮ ਦੀ ਹੋਂਦ, ਪਛਾਣ ਅਤੇ ਅਮੀਰ ਸੱਭਿਆਚਾਰ ਦਾ ਦਰਪਣ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਪੰਜਾਬੀ ਦਾ ਸਤਿਕਾਰ ਕਰਨ ਅਤੇ ਇਸ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਸ਼ਾ ਕੇਵਲ ਬੋਲਚਾਲ ਦਾ ਸਾਧਨ ਨਹੀਂ, ਸਗੋਂ ਸਾਡੀ ਵਿਰਾਸਤ ਅਤੇ ਸੱਭਿਆਚਾਰ ਦੀ ਪ੍ਰਤੀਕ ਹੈ। ਮੁੱਖ ਮਹਿਮਾਨ ਗਿਆਨ ਸਿੰਘ ਕੰਗ ਨੇ ਕੈਨੇਡਾ ਸਮੇਤ ਵਿਦੇਸ਼ਾਂ ਵਿਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਮਾਂ-ਬੋਲੀ ਉੱਤੇ ਹਮੇਸ਼ਾ ਮਾਣ ਹੋਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨ ਪੀੜ੍ਹੀ, ਖ਼ਾਸ ਕਰਕੇ ਸਿੱਖਿਆ ਦੇ ਖੇਤਰ ਨਾਲ ਜੁੜੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ‘ਸਮਕਾਲੀ ਹਾਲਾਤ ਵਿਚ ਪੰਜਾਬੀ ਭਾਸ਼ਾ ਅਤੇ ਬੋਲੀ ਨੂੰ ਦਰਪੇਸ਼ ਚੁਣੌਤੀਆਂ ਦੇ ਦੌਰ ਸਮੇਂ ਅਧਿਆਪਕ ਦੀ ਭੂਮਿਕਾ’ ਵਿਸ਼ੇ ਉੱਤੇ ਡਾ. ਮੋਹਨ ਤਿਆਗੀ, ਮੁਖੀ, ਪੰਜਾਬੀ ਸਾਹਿਤ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਨੇ ਵਿਚਾਰ-ਚਰਚਾ ਕਰਦਿਆਂ ਪੰਜਾਬੀ ਭਾਸ਼ਾ ਦੀ ਮੌਜੂਦਾ ਸਥਿਤੀ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਵਿੱਚ ਅਧਿਆਪਕਾਂ ਦੀ ਜ਼ਿੰਮੇਵਾਰੀ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਇਸ ਮੌਕੇ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਦਰਸ਼ਨ ਬੁੱਟਰ ਅਤੇ ‘ਅੱਖਰ’ ਦੇ ਸੰਪਾਦਕ ਅਵਤਾਰਜੀਤ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਅਧਿਆਪਕਾਂ ਦੀ ਭੂਮਿਕਾ ਨੂੰ ਅਹਿਮ ਦੱਸਿਆ। ਸਮਾਗਮ ਦੇ ਦੂਜੇ ਪੜਾਅ ਵਿਚ ਨਾਮਵਰ ਕਵੀਆਂ ਦਰਸ਼ਨ ਬੁੱਟਰ, ਬਲਵਿੰਦਰ ਸੰਧੂ, ਕੈਪਟਨ ਚਮਕੌਰ ਚਹਿਲ, ਜੈਇੰਦਰ ਚੌਹਾਨ, ਸਤੀਸ਼ ਵਿਦਰੋਹੀ, ਜਸਵਿੰਦਰ ਖਾਰਾ, ਸੁਰਿੰਦਰਜੀਤ ਚੌਹਾਨ, ਅੰਮ੍ਰਿਤਪਾਲ ਸਿੰਘ ਸ਼ੈਦਾ ਅਤੇ ਸਾਗਰ ਸੂਦ (ਸੰਜੂ) ਸਮੇਤ ਹੋਰ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਸਰੋਤਿਆਂ ਨੂੰ ਮੰਤਰਮੁਗਧ ਕੀਤਾ। ਸਮਾਗਮ ਦੇ ਅੰਤ ਵਿਚ ਡਾ. ਕੰਵਰ ਜਸਵਿੰਦਰਪਾਲ ਸਿੰਘ, ਜਨਰਲ ਸਕੱਤਰ, ਪੰਜਾਬੀ ਸਾਹਿਤ ਸਭਿਆਚਾਰ ਮੰਚ ਵਲੋਂ ਸਮੂਹ ਮਹਿਮਾਨਾਂ, ਕਵੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਅਧਿਆਪਕ ਵਰਗ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।