ਹਲਕਾ ਸਨੌਰ ’ਚ ‘ਆਪ’ ਨੂੰ ਵੱਡਾ ਝਟਕਾ: ਪੀ.ਏ.ਡੀ.ਬੀ. ਦੇ ਸਾਬਕਾ ਚੇਅਰਮੈਨ ਮਹਿਮਾ ਸਿੰਘ ਪੱਤੀ ਕਰਤਾਰਪੁਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
ਸਨੌਰ, 12 ਨਵੰਬਰ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਦੀ ਸਿਆਸਤ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਪੀ. ਏ.
ਸਨੌਰ, 12 ਨਵੰਬਰ (ਮੋਹਨ ਸਿੰਘ ਭੱਟੀ)-ਹਲਕਾ ਸਨੌਰ ਦੀ ਸਿਆਸਤ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਪੀ.ਏ.ਡੀ.ਬੀ. (ਫਅਧਭ) ਦੇ ਸਾਬਕਾ ਚੇਅਰਮੈਨ ਅਤੇ ਇਲਾਕੇ ਦੇ ਪ੍ਰਮੁੱਖ ਆਗੂ ਮਹਿਮਾ ਸਿੰਘ ਪੱਤੀ ਕਰਤਾਰਪੁਰ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ `ਆਪ` ਨੂੰ ਅਲਵਿਦਾ ਆਖ ਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਚੰਦੂਮਾਜਰਾ ਪਿਤਾ-ਪੁੱਤਰ ਵੱਲੋਂ ਮਹਿਮਾ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿਚ ਨਿੱਘਾ ਸਵਾਗਤ ਤੇ ਸਨਮਾਨ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਬਕਾ ਚੇਅਰਮੈਨ ਮਹਿਮਾ ਸਿੰਘ ਪੱਤੀ ਕਰਤਾਰਪੁਰ ਹਲਕਾ ਸਨੌਰ ਦੀ ਰਾਜਨੀਤੀ ਵਿਚ ਇੱਕ ਅਹਿਮ ਅਤੇ ਤਜਰਬੇਕਾਰ ਆਗੂ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮਹਿਮਾ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਣ ਨਾਲ ਜਿੱਥੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਵੱਡਾ ਬਲ ਮਿਲਿਆ ਹੈ, ਉੱਥੇ ਹੀ ਹਲਕਾ ਸਨੌਰ ਵਿੱਚੋਂ ਆਮ ਆਦਮੀ ਪਾਰਟੀ ਦਾ ਸਿਆਸੀ ਆਧਾਰ ਪੂਰੀ ਤਰ੍ਹਾਂ ਖੁਰ ਗਿਆ ਹੈ। ਇਸ ਮੌਕੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਮਹਿਮਾ ਸਿੰਘ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਜ ਸੂਬੇ ਦਾ ਹਰ ਵਰਗ ਦੁਖੀ ਹੈ। ਉਨ੍ਹਾਂ ਆਖਿਆ ਕਿ ਜਿਹੜੇ ਟਕਸਾਲੀ ਆਗੂ ਅਤੇ ਵਰਕਰ ਪਹਿਲਾਂ ਬਦਲਾਅ ਦੀ ਉਮੀਦ ਨਾਲ ਦੂਜੀਆਂ ਪਾਰਟੀਆਂ ਵਿੱਚ ਗਏ ਸਨ, ਉਹ ਹੁਣ ਨਿਰਾਸ਼ ਹੋ ਕੇ ਮੁੜ ਆਪਣੇ ਪੁਰਾਣੇ ਘਰ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਰਹੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਮਹਿਮਾ ਸਿੰਘ ਪੱਤੀ ਕਰਤਾਰਪੁਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਨ੍ਹਾਂ ਆਸਾਂ ਤੇ ਉਮੀਦਾਂ ਨਾਲ ‘ਆਪ’ ਦੀ ਸਰਕਾਰ ਬਣਾਈ ਸੀ, ਸਰਕਾਰ ਉਨ੍ਹਾਂ ’ਤੇ ਖਰੀ ਨਹੀਂ ਉਤਰ ਸਕੀ ਅਤੇ ਸੂਬੇ ਦਾ ਕੋਈ ਭਲਾ ਨਹੀਂ ਕਰ ਸਕੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸੇ ਨਿਰਾਸ਼ਾ ਕਾਰਨ ਉਹ ਆਮ ਆਦਮੀ ਪਾਰਟੀ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਹਿਲਾਂ ਵਾਂਗ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਪਾਰਟੀ ਨੂੰ ਸਮਰਪਿਤ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਹਲਕਾ ਸਨੌਰ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ।