ਡੀ.ਏ.ਪੀ. ਅਤੇ ਸਬਸਿਡੀ ਵਾਲੀ ਯੂਰੀਆ ਖਾਦ ਦੇ ਗੰਭੀਰ ਮਾਮਲੇ ਸੰਬੰਧੀ ਹਾਈਕੋਰਟ ਅਤੇ ਸੀ.ਬੀ.ਆਈ. ਤੱਕ ਬਣਾਈ ਪਹੁੰਚ-ਬਹਿਰੂ
ਭੁੱਨਰਹੇੜੀ, 15 ਨਵੰਬਰ (ਧਨਵੰਤ ਸਿੰਘ)-ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਦੋਸ਼ ਲਾਇਆ ਕਿ ਡੀ. ਏ.
ਭੁੱਨਰਹੇੜੀ, 15 ਨਵੰਬਰ (ਧਨਵੰਤ ਸਿੰਘ)-ਕਿਸਾਨ ਆਗੂ ਸਤਨਾਮ ਸਿੰਘ ਬਹਿਰੂ ਨੇ ਦੋਸ਼ ਲਾਇਆ ਕਿ ਡੀ.ਏ.ਪੀ. ਖਾਦ ਦੀ ਸਪਲਾਈ ਨਾਲ ਜੁੜਿਆ ਮਾਮਲਾ ਪੰਜਾਬ ਦੇ ਕਿਸਾਨਾਂ ਲਈ ਬੇਹੱਦ ਗੰਭੀਰ ਸੀ। ਉਨ੍ਹਾਂ ਅਨੁਸਾਰ ਦੋ ਕੰਪਨੀਆਂ ਵੱਲੋਂ ਕਥਿਤ ਤੌਰ ’ਤੇ ਘਟੀਆ ਮਿਆਰ ਦੀ ਡੀਏਪੀ ਖਾਦ ਤਿਆਰ ਕੀਤੀ ਗਈ ਅਤੇ ਮਾਰਕਫੈੱਡ ਤੇ ਖੇਤੀਬਾੜੀ ਵਿਭਾਗ ਦੇ ਕੁਝ ਉੱਚ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਹਜ਼ਾਰਾਂ ਮੀਟ੍ਰਿਕ ਟਨ ਖਾਦ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਤੱਕ ਪਹੁੰਚਾਈ ਗਈ। ਉਨ੍ਹਾਂ ਦਾਅਵਾ ਕੀਤਾ ਕਿ ਖਾਦ ਦੇ ਨਮੂਨਿਆਂ ਦੀ ਜਾਂਚ ਰਿਪੋਰਟ ਵਿਚ ਗੰਭੀਰ ਖਾਮੀਆਂ ਸਾਹਮਣੇ ਆਉਣ ਦੇ ਬਾਵਜੂਦ ਸੰਬੰਧਿਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਨੂੰ ਤਰੱਕੀਆਂ ਦੇ ਕੇ ਨਿਵਾਜਿਆ ਗਿਆ। ਬਹਿਰੂ ਨੇ ਕਿਹਾ ਕਿ ਇਸ ਮਾਮਲੇ ਵਿਚ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਵਾਉਣ ਲਈ ਉਨ੍ਹਾਂ ਦੀ ਕਿਸਾਨ ਜਥੇਬੰਦੀ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਉਨ੍ਹਾਂ ਸਬਸਿਡੀ ਵਾਲੀ ਯੂਰੀਆ ਖਾਦ ਦੀ ਕਥਿਤ ਗੈਰਕਾਨੂੰਨੀ ਵਰਤੋਂ ਦਾ ਮਾਮਲਾ ਉਠਾਉਂਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਲਈ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਯੂਰੀਆ ਖਾਦ ਦੀ ਮਾਰਕਫੈੱਡ ਅਤੇ ਮਿਲਕਫੈੱਡ ਨਾਲ ਸੰਬੰਧਿਤ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਕੈਟਲ ਫੀਡ ਪਲਾਂਟਾਂ ਵਿਚ ਗੈਰਕਾਨੂੰਨੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਇਸ ਮਾਮਲੇ ਨੂੰ ਜਥੇਬੰਦੀ ਵਲੋਂ ਮੀਡੀਆ ਰਾਹੀਂ ਲਗਾਤਾਰ ਉਠਾਇਆ ਗਿਆ ਪਰ ਜਦੋਂ ਉਨ੍ਹਾਂ ਨੂੰ ਲੱਗਾ ਕਿ ਸਰਕਾਰੀ ਪੱਧਰ ’ਤੇ ਮਾਮਲੇ ਨੂੰ ਦਬਾਉਣ ਦੇ ਯਤਨ ਹੋ ਰਹੇ ਹਨ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ । ਬਹਿਰੂ ਨੇ ਦੱਸਿਆ ਕਿ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਚੰਡੀਗੜ੍ਹ ਸਥਿਤ ਸੀ.ਬੀ.ਆਈ. ਸ਼ਾਖਾ ਨੂੰ ਲਿਖਤੀ ਪੱਤਰ ਭੇਜ ਕੇ ਯੂਰੀਆ ਖਾਦ ਦੀ ਕਥਿਤ ਹੇਰਾਫੇਰੀ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਕਥਿਤ ਖਾਦ ਘੁਟਾਲਿਆਂ ਦੀ ਨਿਰਪੱਖ ਜਾਂਚ ਅਤੇ ਤੱਥਾਂ ਦੇ ਆਧਾਰ ’ਤੇ ਜਵਾਬਦੇਹੀ ਤੈਅ ਕਰਨਾ ਸਮੇਂ ਦੀ ਲੋੜ ਹੈ।