ਨੰਬਰਦਾਰ ਐਸੋਸੀਏਸ਼ਨ ਗਾਲਿਬ ਦੀ ਬੈਠਕ
ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਨੰਬਰਦਾਰ ਐਸੋਸੀਏਸ਼ਨ ਗਾਲਿਬ ਤਹਿਸੀਲ ਦੁੱਧਨ ਸਾਧਾਂ ਦੀ ਇਕ ਅਹਿਮ ਬੈਠਕ ਪ੍ਰਧਾਨ ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਡੂੰਘੀ ਵਿਚਾਰ-ਚਰਚਾ ਕੀਤੀ।
ਦੇਵੀਗੜ੍ਹ, 17 ਨਵੰਬਰ (ਰਾਜਿੰਦਰ ਸਿੰਘ ਮੌਜੀ)-ਨੰਬਰਦਾਰ ਐਸੋਸੀਏਸ਼ਨ ਗਾਲਿਬ ਤਹਿਸੀਲ ਦੁੱਧਨ ਸਾਧਾਂ ਦੀ ਇਕ ਅਹਿਮ ਬੈਠਕ ਪ੍ਰਧਾਨ ਕਰਮਜੀਤ ਸਿੰਘ ਦੀ ਯੋਗ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਡੂੰਘੀ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਢਿੱਲ-ਮੱਠ ਵਾਲੇ ਰਵੱਈਏ ਤੇ ਸਮੂਹ ਨੰਬਰਦਾਰਾਂ ਵਲੋਂ ਭਾਰੀ ਰੋਸ ਪ੍ਰਗਟ ਕੀਤਾ ਗਿਆ। ਬੈਠਕ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਨੰਬਰਦਾਰ ਪਿੰਡ ਪੱਧਰ ’ਤੇ ਪ੍ਰਸ਼ਾਸਨ ਅਤੇ ਆਮ ਲੋਕਾਂ ਵਿਚਕਾਰ ਇਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਮਾਲ ਵਿਭਾਗ ਦੇ ਕੰਮਾਂ ਤੋਂ ਲੈ ਕੇ ਪਿੰਡਾਂ ਦੇ ਹਰ ਛੋਟੇ-ਵੱਡੇ ਸਰਕਾਰੀ ਕਾਰਜ ਵਿਚ ਨੰਬਰਦਾਰ ਦਿਨ-ਰਾਤ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹਨ ਪਰ ਇਸ ਦੇ ਬਾਵਜੂਦ ਮੌਜੂਦਾ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਪ੍ਰਧਾਨ ਕਰਮਜੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਨੰਬਰਦਾਰਾਂ ਨਾਲ ਕਈ ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਨੰਬਰਦਾਰਾਂ ਦੇ ਮਾਣ-ਭੱਤੇ ਵਿਚ ਵਾਧਾ ਕਰਨਾ, ਜੱਦੀ-ਪੁਸ਼ਤੀ ਨੰਬਰਦਾਰੀ ਬਹਾਲ ਕਰਨਾ, ਬੱਸ ਸਫ਼ਰ ਦੀ ਮੁਫ਼ਤ ਸਹੂਲਤ ਅਤੇ ਤਹਿਸੀਲ ਪੱਧਰ ’ਤੇ ਬੈਠਣ ਲਈ ਢੁਕਵੇਂ ਪ੍ਰਬੰਧ ਕਰਨ ਵਰਗੀਆਂ ਮੁੱਖ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਇਸ ਬੇਰੁਖ਼ੀ ਕਾਰਨ ਸਮੂਹ ਨੰਬਰਦਾਰ ਭਾਈਚਾਰੇ ਵਿਚ ਸਰਕਾਰ ਪ੍ਰਤੀ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਸਾਡੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਇਨ੍ਹਾਂ ਨੂੰ ਲਾਗੂ ਨਾ ਕੀਤਾ ਤਾਂ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਰਾਜਿੰਦਰ ਸਿੰਘ, ਨਛੱਤਰ ਸਿੰਘ, ਹਾਕਮ ਸਿੰਘ, ਅਮਰਜੀਤ ਸਿੰਘ, ਗੁਰਨਾਮ ਸਿੰਘ, ਕਮਲੇਸ਼ ਕੁਮਾਰ, ਕਾਕਾ ਸਿੰਘ, ਜਗਪਾਲ ਸਿੰਘ, ਤੇਜਿੰਦਰ ਸਿੰਘ, ਹਰਦੀਪ ਸਿੰਘ ਅਤੇ ਤਰਸੇਮ ਗਿਰ ਆਦਿ ਹਾਜ਼ਰ ਸਨ।