ਕੇਂਦਰ ਤੇ ਪੰਜਾਬ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਕੀਤੀ ਜਾਵੇਗੀ ਮੰਗ
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤਹਿਤ ਪੰਜਾਬ ਚੈਪਟਰ ਵਲੋਂ ਸੂਬੇ ਵਿਚ 26 ਨਵੰਬਰ ਨੂੰ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਚਾਰ ਥਾਵਾਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ। ਪਟਿਆਲਾ ਵਿਖੇ ਹੋਣ ਵਾਲੀ ਰੈਲੀ ਵਿਚ ਮਾਲਵੇ ਦੇ ਸੱਤ ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਮੁਹਾਲੀ, ਲੁਧਿਆਣਾ, ਰੋਪੜ, ਫ਼ਤਿਹਗੜ ਸਾਹਿਬ ਅਤੇ ਮਲੇਰਕੋਟਲਾ) ਤੋਂ ਸ਼ਮੂਲੀਅਤ ਹੋਵੇਗੀ।
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤਹਿਤ ਪੰਜਾਬ ਚੈਪਟਰ ਵਲੋਂ ਸੂਬੇ ਵਿਚ 26 ਨਵੰਬਰ ਨੂੰ ਦਿੱਲੀ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਚਾਰ ਥਾਵਾਂ ਪਟਿਆਲਾ, ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ। ਪਟਿਆਲਾ ਵਿਖੇ ਹੋਣ ਵਾਲੀ ਰੈਲੀ ਵਿਚ ਮਾਲਵੇ ਦੇ ਸੱਤ ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਮੁਹਾਲੀ, ਲੁਧਿਆਣਾ, ਰੋਪੜ, ਫ਼ਤਿਹਗੜ ਸਾਹਿਬ ਅਤੇ ਮਲੇਰਕੋਟਲਾ) ਤੋਂ ਸ਼ਮੂਲੀਅਤ ਹੋਵੇਗੀ। ਰੈਲੀ ਦੀ ਤਿਆਰੀ ਸੰਬੰਧੀ ਇਕ ਜ਼ਰੂਰੀ ਮੀਟਿੰਗ ਸ੍ਰੀ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਲ 15 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਰੈਲੀ ਦੇ ਸਚਾਰੂ ਪ੍ਰਬੰਧ ਲਈ ਪ੍ਰਬੰਧਕੀ, ਮੀਡੀਆ ਅਤੇ ਸੰਚਾਲਨ ਕਮੇਟੀਆਂ ਦਾ ਗਠਨ ਕਰਕੇ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ। ਵਰਣਨਯੋਗ ਹੈ ਕਿ ਰੈਲੀ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। ਰੈਲੀ ਦੌਰਾਨ ਖੇਤੀ ਖੇਤਰ ’ਤੇ ਥੋਪੀ ਜਾ ਰਹੀ ਕਾਰਪੋਰੇਟ ਨੀਤੀ ਅਤੇ ਕੇਂਦਰੀ ਸਰਕਾਰ ਦੀਆਂ ਕੇਂਦਰੀਕਰਨ ਦੀਆਂ ਨੀਤੀਆਂ ਵਿਰੋਧੀ ਸੁਰ ਭਾਰੂ ਰਹੇਗੀ। ਰੈਲੀ ਦੌਰਾਨ ਪੰਜਾਬ ਦੇ ਪਾਣੀਆਂ ਦੇ ਗਹਿਰੇ ਹੋ ਰਹੇ ਸੰਕਟ ਨੂੰ ਹੱਲ ਕਰਨ, ਐਮ.ਐਸ.ਪੀ. ’ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਸਾਮਰਾਜੀ ਦੇਸ਼ਾਂ ਖਾਸ ਕਰਕੇ ਅਮਰੀਕਾ ਨਾਲ ਕੀਤੇ ਜਾ ਰਹੇ ਕਰ ਮੁਕਤ ਵਪਾਰ ਸਮਝੌਤੇ ਰੱਦ ਕਰਨ, ਬਿਜਲੀ ਅਤੇ ਬੀਜ ਬਿਲ ਵਾਪਸ ਲੈਣ, ਸਹਿਕਾਰਤਾ ਲਹਿਰ ਦੇ ਕੇਂਦਰੀਕਰਨ ਦੀ ਨੀਤੀ ਰੱਦ ਕਰਕੇ ਸੂਬੇ ਦੀ ਸਹਿਕਾਰੀ ਲਹਿਰ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਖੇਤੀਬਾੜੀ ਨੀਤੀ ਬਣਾਉਣ ਆਦਿ ਮੁੱਦਿਆਂ ਨਾਲ ਸੰਬੰਧਿਤ ਮੰਗਾਂ ਸ਼ਾਮਲ ਹਨ। ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਮਿੰਦਰ ਸਿੰਘ ਪਟਿਆਲਾ ਅਤੇ ਜਰਨੈਲ ਸਿੰਘ ਰੋਪੜ ਤੋਂ ਇਲਾਵਾ ਕੁਲਵੰਤ ਸਿੰਘ ਮੌਲਵੀਵਾਲਾ, ਹਰਦੀਪ ਸਿੰਘ ਘਨੁੜੱਕੀ, ਅਵਤਾਰ ਸਿੰਘ ਕੌਰਜੀਵਾਲਾ, ਹਰਭਜਨ ਸਿੰਘ ਧੂਹੜ, ਦਰਸ਼ਨ ਸਿੰਘ ਬੇਲੂਮਾਜਰਾ, ਜਸਵੀਰ ਸਿੰਘ ਖੇੜੀ, ਪਵਨ ਸ਼ੋਗਲਪੁਰ, ਹਰਜੀਤ ਸਿੰਘ ਗਰੇਵਾਲ, ਗੁਰਮੀਤ ਸਿੰਘ ਛੱਜੂਭੱਟ, ਜਗਪਾਲ ਊਧਾ, ਜ਼ੋਰਾਵਰ ਸਿੰਘ ਬਲਬੇੜਾ, ਗੁਰਲਾਲ ਸਿੰਘ, ਦਲਜਿੰਦਰ ਸਿੰਘ, ਦਵਿੰਦਰ ਸਿੰਘ ਪੂਨੀਆ, ਗੁਲਜ਼ਾਰ ਸਿੰਘ ਅਤੇ ਹਾਕਮ ਸਿੰਘ ਆਦਿ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ।