ਪੰਜਾਬ ’ਚ ‘ਆਪ’ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ, ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਪਾਰਟੀ-ਪਰਗਟ ਸਿੰਘ
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਪਟਿਆਲਾ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕਰਵਾਈ ਗਈ ਵਿਸ਼ਾਲ ‘ਵਰਕਰ ਮਿਲਣੀ’ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ।
ਰ
ਰੈਲੀ ਦੌਰਾਨ ਭਾਰੀ ਇਕੱਠ ਦਾ ਦ੍ਰਿਸ਼।
26-11-2026
ਪਟਿਆਲਾ, 25 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਪਟਿਆਲਾ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕਰਵਾਈ ਗਈ ਵਿਸ਼ਾਲ ‘ਵਰਕਰ ਮਿਲਣੀ’ ਵਿਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਕਾਰਗੁਜ਼ਾਰੀ ਦੇ ਆਧਾਰ ’ਤੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕੋਲ ਚੁਟਕਲਿਆਂ, ਪ੍ਰਚਾਰ ਅਤੇ ਪੰਜਾਬ ਦੇ ਸਰੋਤਾਂ ਦੀ ਵਰਤੋਂ ਤੋਂ ਇਲਾਵਾ ਕੋਈ ਠੋਸ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਆ ਕੇ ਦਾਅਵਾ ਕੀਤਾ ਸੀ ਕਿ ਸਰਕਾਰ ਵਿਕਾਸ ਦੇ ਕੰਮ ਕਰੇਗੀ ਅਤੇ ਲੋਕ ਆਪਣੇ ਆਪ ਵੋਟ ਪਾਉਣਗੇ ਪਰ ਅੱਜ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਦਿਖਾਵੇ ਅਤੇ ਪ੍ਰਚਾਰ ਦਾ ਸਹਾਰਾ ਲੈ ਰਹੀ ਹੈ। ਭਾਜਪਾ-ਅਕਾਲੀ ਗਠਜੋੜ ’ਤੇ ਸਵਾਲ ਉਠਾਉਂਦਿਆਂ ਪਰਗਟ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਦੱਸਣਾ ਚਾਹੀਦਾ ਹੈ ਕਿ ਜਿਹੜੇ ਆਗੂ ਕਦੇ ਦੂਜਿਆਂ ਦਾ ਡੀ.ਐਨ.ਏ. ਟੈਸਟ ਕਰਵਾਉਣ ਦੀਆਂ ਗੱਲਾਂ ਕਰਦੇ ਸਨ, ਉਹ ਹੁਣ 700 ਕਿਸਾਨਾਂ ਦੀਆਂ ਮੌਤਾਂ ਤੋਂ ਬਾਅਦ ਭਾਜਪਾ ਨਾਲ ਮੁੜ ਗਠਜੋੜ ਕਰਕੇ ਕਿਸ ਦਾ ਡੀ.ਐਨ.ਏ. ਟੈਸਟ ਕਰਵਾਉਣਾ ਚਾਹੁਣਗੇ? ਉਨ੍ਹਾਂ ਕਿਹਾ ਕਿ ਇਹ ਗਠਜੋੜ ਕਿਸੇ ਵਿਚਾਰਧਾਰਾ ਜਾਂ ਪੰਜਾਬ ਦੇ ਹਿੱਤਾਂ ਲਈ ਨਹੀਂ, ਸਗੋਂ ਆਪਣੀ ਸਿਆਸੀ ਜ਼ਮੀਨ ਅਤੇ ਹੋਂਦ ਬਚਾਉਣ ਦੀ ਕੋਸ਼ਿਸ਼ ਹੈ। ਦੋਵੇਂ ਪਾਰਟੀਆਂ ਪੰਜਾਬ ਦੇ ਲੋਕਾਂ ਦਾ ਭਰੋਸਾ ਗੁਆ ਚੁੱਕੀਆਂ ਹਨ ਅਤੇ ਇਹ ਸਿਆਸੀ ਸਮਝੌਤਾ ਸਿਰਫ਼ ਮੌਕਾਪ੍ਰਸਤੀ ਦੀ ਰਾਜਨੀਤੀ ਨੂੰ ਦਰਸਾਉਂਦਾ ਹੈ। ਪੰਜਾਬ ਵਿਚ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਪ੍ਰਸ਼ਾਸਨਿਕ ਨਾਕਾਮੀਆਂ ’ਤੇ ਚਿੰਤਾ ਜ਼ਾਹਰ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਮੈਡੀਕਲ ਨਸ਼ਿਆਂ ਦੇ ਕਾਰੋਬਾਰ ਅਤੇ ਇਸ ਵਿਚ ਕਥਿਤ ਤੌਰ ’ਤੇ ਸ਼ਾਮਲ ਲੋਕਾਂ ਦੀ ਭੂਮਿਕਾ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ। ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਪਰ ਅੱਜ ਸੂਬੇ ਦੇ ਹਾਲਾਤ ਪਹਿਲਾਂ ਨਾਲੋਂ ਵੀ ਗੰਭੀਰ ਹੋ ਗਏ ਹਨ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਸਿਆਸੀ ਪਾਰਟੀ ਦੇ ਕਾਰਕੁੰਨ ਵਜੋਂ ਕੰਮ ਕਰਨ ਦੀ ਬਜਾਏ ਆਪਣੀਆਂ ਸੰਵਿਧਾਨਕ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨਿਰਪੱਖਤਾ ਨਾਲ ਨਿਭਾਉਣ। ਕਿਸਾਨਾਂ ਅਤੇ ਪੰਜਾਬ ਦੀ ਮੰਡੀ ਪ੍ਰਣਾਲੀ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੀ ਆਰਥਿਕ ਖੁਸ਼ਹਾਲੀ ਖੇਤਾਂ ਤੋਂ ਸ਼ੁਰੂ ਹੋ ਕੇ ਮੰਡੀਆਂ ਅਤੇ ਵਪਾਰ ਤੱਕ ਪਹੁੰਚਦੀ ਹੈ। ਖੇਤੀਬਾੜੀ ਸਿਰਫ਼ ਇਕ ਕਾਰੋਬਾਰ ਨਹੀਂ, ਸਗੋਂ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਢਾਂਚੇ ਦੀ ਨੀਂਹ ਹੈ। ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਰਵਾਇਤੀ ਮੰਡੀ ਪ੍ਰਬੰਧ ਨੂੰ ਕਮਜ਼ੋਰ ਕਰਨ ਵੱਲ ਵਧ ਰਹੀਆਂ ਹਨ, ਜਿਸ ਦਾ ਸਿੱਧਾ ਨੁਕਸਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਫ਼ਸਲਾਂ ਅਤੇ ਪਸ਼ੂਧਨ ਦੇ ਨੁਕਸਾਨ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਪੰਜਾਬ ਦੀ ਖੇਤੀਬਾੜੀ ਪ੍ਰਣਾਲੀ ਅਤੇ ਮੰਡੀ ਪ੍ਰਬੰਧ ਦੀ ਰਾਖੀ ਕਰਨਾ ਹਰ ਪੰਜਾਬ ਪੱਖੀ ਸਿਆਸੀ ਪਾਰਟੀ ਦੀ ਜ਼ਿੰਮੇਵਾਰੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਸੰਬੰਧੀ ਪਹਿਲੇ ਪੜਾਅ ਦੀ ਮੀਟਿੰਗ ਵੀ ਹੋ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿਚ ਕੇਂਦਰੀ ਚੋਣ ਕਮੇਟੀ ਵਲੋਂ ਉਮੀਦਵਾਰਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਅਗਲੇ 10 ਤੋਂ 15 ਦਿਨਾਂ ਦੇ ਅੰਦਰ ਲਗਭਗ ਅੱਧੀਆਂ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਬਾਰੇ ਫ਼ੈਸਲਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਤੋਂ ਵੀ ਕੋਈ ਗ਼ਲਤੀ ਹੁੰਦੀ ਹੈ ਤਾਂ ਉਸ ਨੂੰ ਵੀ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ, ਕਿਉਂਕਿ ਪੰਜਾਬ ਨੂੰ ਬਚਾਉਣ ਅਤੇ ਬਿਹਤਰ ਭਵਿੱਖ ਦੇਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਵਲੋਂ ਕਰਵਾਈ ਗਈ ਇਸ ਵਿਸ਼ਾਲ ‘ਵਰਕਰ ਮਿਲਣੀ’ ਵਿਚ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਰਜਿੰਦਰ ਸਿੰਘ, ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮਹਿੰਦਰਾ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਵਿਸ਼ਨੂੰ ਸ਼ਰਮਾ, ਨਿਰਮਲ ਸਿੰਘ ਭੱਠੀਆਂ, ਕੁਲਵਿੰਦਰ ਸਿੰਘ ਅਰਨੋਂ, ਰਛਪਾਲ ਸਿੰਘ ਜੋੜਾਮਾਜਰਾ ਸਮੇਤ ਕਾਂਗਰਸ ਦੀ ਸਮੁੱਚੀ ਜ਼ਿਲ੍ਹਾ ਅਤੇ ਸੂਬਾਈ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।