ਸ੍ਰੀ ਮੁਕਤਸਰ ਸਾਹਿਬ, 31 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਗਨਰੇਗਾ ਕਾਨੂੰਨ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਮਜ਼ਦੂਰ ਵਰਗ ਨੂੰ ਸੌਖੇ ਢੰਗ ਨਾਲ ਮਿਲ ਰਿਹਾ ਰੁਜ਼ਗਾਰ ਖੋਹਣਾ ਚਾਹੁੰਦੀ ਹੈ, ਜੋ ਕਿ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਭਾਜਪਾ ਸਰਕਾਰ ਦੀ ਇਸ ਨੀਤੀ ਖ਼ਿਲਾਫ਼ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ 8 ਜਨਵਰੀ ਨੂੰ ਸੰਘਰਸ਼ ਦਾ ਆਗਾਜ਼ ਕੀਤਾ ਜਾਵੇਗਾ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਭਾਰਤੀ ਜਨਤਾ ਪਾਰਟੀ ਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਕਿ ਦੋਵੇਂ ਸਰਕਾਰਾਂ ਆਏ ਦਿਨ ਲੋਕ ਮਾਰੂ ਨੀਤੀਆਂ ਲੈ ਕੇ ਆ ਰਹੀਆਂ ਹਨ, ਜਿਸ ਕਾਰਨ ਗ਼ਰੀਬਾਂ ਦੇ ਰੁਜ਼ਗਾਰ 'ਤੇ ਸਿੱਧਾ ਅਸਰ ਪੈ ਰਿਹਾ ਹੈ ਤੇ ਬੇਰੁਜ਼ਗਾਰੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਕੇਂਦਰ ਕੋਲ ਹੋਰ ਕੰਮ ਮਨਜ਼ੂਰ ਕਰਵਾਉਣ ਲਈ ਢੁਕਵਾਂ ਦਬਾਅ ਨਹੀਂ ਬਣਾਇਆ ਤੇ 100 ਦੀ ਥਾਂ 125 ਦਿਨਾਂ ਦੇ ਕੰਮ ਦੇ ਦਾਅਵੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਪਰ ਕਾਂਗਰਸ ਪਾਰਟੀ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰੇਗੀ ਤੇ ਮਗਨਰੇਗਾ ਦੇ ਕੰਮਾਂ ਨੂੰ ਪੂਰੀ ਤਰ੍ਹਾਂ ਬਹਾਲ ਕਰਵਾਕੇ ਰਹੇਗੀ |