ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਨਵੇਂ ਸਾਲ ਦੀ ਆਮਦ 'ਤੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਦਫ਼ਤਰ ਵਿਖੇ ਪਾਇਆ ਗਿਆ | ਇਸ ਮੌਕੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਉਪਰੰਤ ਗ੍ਰੰਥੀ ਸਿੰਘ ਵਲੋਂ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਪਨਬੱਸ ਤੇ ਪੰਜਾਬ ਰੋਡਵੇਜ਼ ਕਰਮਚਾਰੀਆਂ ਵਲੋਂ ਤਿੰਨੇ ਦਿਨ ਹੀ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਗਈਆਂ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਪੰਜਾਬ ਰੋਡਵੇਜ਼ ਤੇ ਪਨਬੱਸ ਯੂਨੀਅਨ ਦੇ ਨੁਮਾਇੰਦੇ ਅਤੇ ਵਰਕਰਾਂ ਤੋਂ ਇਲਾਵਾ ਪੰਜਾਬ ਰੋਡਵੇਜ਼ ਦੇ ਸੇਵਾ ਮੁਕਤ ਕਰਮਚਾਰੀ, ਬੱਸ ਅੱਡੇ ਤੇ ਪ੍ਰਾਈਵੇਟ ਬੱਸ ਕੰਪਨੀਆਂ ਦੇ ਕਰਮਚਾਰੀ ਵੀ ਹਾਜ਼ਰ ਸਨ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਦੁੱਧ ਦਾ ਲੰਗਰ ਵੀ ਲਾਇਆ ਅਤੇ ਸਰਬੱਤ ਦੇ ਭਲੇ ਲਈ ਕਾਮਨਾ ਕੀਤੀ ਗਈ |