ਮਲੋਟ, 3 ਜਨਵਰੀ (ਪਾਟਿਲ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੇ ਵਾਰਡ ਨੰਬਰ 11 ਤੇ 12 ਵਿਚ ਵਾਲੀਬਾਲ ਗਰਾਊਾਡ ਅਤੇ ਪਾਰਕ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਮਲੋਟ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਸ਼ਹਿਰ ਦੇ ਵਿਕਾਸ ਲਈ ਮਹੱਤਵਪੂਰਨ ਸਾਬਤ ਹੋਵੇਗਾ | ਡਾ. ਬਲਜੀਤ ਕੌਰ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਤਿਆਰ ਕੀਤੇ ਗਏ ਪ੍ਰਾਜੈਕਟਾਂ ਵਿਚ ਖੇਡ ਮੈਦਾਨਾਂ ਅਤੇ ਪਾਰਕਾਂ ਦਾ ਵਿਕਾਸ ਵੀ ਸ਼ਾਮਿਲ ਹੈ, ਤਾਂ ਜੋ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਨਵੇਂ ਸਾਲ ਵਿਚ ਮਲੋਟ ਖੇਤਰ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਵਿਕਾਸੀ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਸਪੱਸ਼ਟ ਕੀਤਾ ਕਿ ਵਿਰੋਧੀਆਂ ਵਲੋਂ ਵਾਰਡਬੰਦੀ ਨੂੰ ਲੈ ਕੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਸਰਕਾਰ ਵਲੋਂ ਕਿਸੇ ਨਾਲ ਵੀ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ ਤੇ ਸਾਰੇ ਫ਼ੈਸਲੇ ਪਾਰਦਰਸ਼ੀ ਢੰਗ ਨਾਲ ਲੋਕਾਂ ਦੇ ਹਿੱਤ ਵਿਚ ਲਏ ਜਾਣਗੇ | ਸਿਵਲ ਹਸਪਤਾਲ ਮਲੋਟ ਵਿਚ ਡਾਕਟਰਾਂ ਅਤੇ ਸਟਾਫ਼ ਦੀ ਕਮੀ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਰਿਟਾਇਰਡ ਤੇ ਪ੍ਰਾਈਵੇਟ ਡਾਕਟਰਾਂ ਦੀਆਂ ਸੇਵਾਵਾਂ ਲੈਣ ਲਈ ਨਵਾਂ ਉਪਰਾਲਾ ਕੀਤਾ ਹੈ, ਜਿਸ ਨਾਲ ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇਗਾ | ਕੈਬਨਿਟ ਮੰਤਰੀ ਨੇ ਆਮ ਆਦਮੀ ਪਾਰਟੀ ਦੀ ਨੀਤੀ ਬਾਰੇ ਕਿਹਾ ਕਿ ਨਗਰ ਕੌਂਸਲ ਚੋਣਾਂ 'ਚ ਪਾਰਟੀ ਉਹੀ ਉਮੀਦਵਾਰ ਮੈਦਾਨ ਵਿਚ ਉਤਾਰੇਗੀ, ਜੋ ਲੋਕਾਂ ਵਿਚ ਆਪਣੀ ਪਛਾਣ ਅਤੇ ਸੇਵਾ ਦੇ ਆਧਾਰ 'ਤੇ ਖਰੇ ਉਤਰਦੇ ਹਨ | ਇਸ ਮੌਕੇ ਸਥਾਨਕ ਆਗੂ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਰਹੇ |