ਜੈਤੋ, 3 ਜਨਵਰੀ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਨਜਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਮਾਨਿਕ ਗੋਇਲ ਅਤੇ ਸਮੇਤ 10 ਪੱਤਰਕਾਰਾਂ ਅਤੇ ਆਰ.ਟੀ.ਆਈ ਕਾਰਕੁਨਾਂ 'ਤੇ ਲੁਧਿਆਣਾ ਦੀ ਪੁਲਿਸ ਵਲੋਂ ਕੀਤੇ ਪਰਚੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਚੁੱਕੇ ਗਏ ਇਹ ਕਦਮ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੀ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਦੀ ਸਰਕਾਰ ਵਲੋਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਲੋਕਾਂ ਕੀਤੇ ਜਾ ਰਹੇ ਆਰਥਿਕ ਹੱਲਿਆਂ ਦਾ ਟਾਕਰਾ ਕਰ ਰਹੇ ਲੋਕਾਂ ਦੇ ਰੋਹ ਦੀ ਪ੍ਰੈਸ ਰਾਹੀਂ ਆਵਾਜ਼ ਬੁਲੰਦ ਕੀਤੀ ਜਾਂਦੀ ਹੈ, ਜਿਸ ਨੂੰ ਭਗਵੰਤ ਮਾਨ ਸਰਕਾਰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਇਹ ਸਰਕਾਰ ਦਾ ਭੁਲੇਖਾ ਹੀ ਹੈ, ਹੱਕ ਸੱਚ ਦੀ ਆਵਾਜ਼ ਕਦੇ ਵੀ ਬੰਦ ਨਹੀਂ ਕੀਤੀ ਜਾ ਸਕਦੀ | ਕਿਸਾਨ ਆਗੂਆਂ ਨੇ ਸੱਦਾ ਦਿੱਤਾ ਕਿ ਸਰਕਾਰ ਦੇ ਇਸ ਹਮਲੇ ਵਿਰੁੱਧ ਸਮੂਹ ਕਿਰਤੀ ਲੋਕ ਸੰਘਰਸ਼ ਦੇ ਮੈਦਾਨ 'ਚ ਆਉਣ | ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਵਲੋਂ ਜੋ ਵੀ ਇਸ ਖਿਲਾਫ ਪ੍ਰੋਗਰਾਮ ਉਲੀਕਿਆ ਜਾਵੇਗਾ ਜਥੇਬੰਦੀ ਵਲੋਂ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮੁਕੇਸ਼ ਮਲੌਦ ਨੂੰ ਗਿ੍ਫ਼ਤਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਭਗਵੰਤ ਮਾਨ ਸਰਕਾਰ ਮਗਨਰੇਗਾ ਸਕੀਮ ਦਾ ਵਿਰੋਧ ਕਰਕੇ ਗ਼ਰੀਬਾਂ ਦੇ ਪੱਖੀ ਹੋਣ ਦਾ ਢੋਂਗ ਰਚ ਰਹੀ ਹੈ, ਦੂਜੇ ਪਾਸੇ ਮਜ਼ਦੂਰਾਂ ਲਈ ਸੰਘਰਸ਼ ਕਰ ਰਹੇ ਆਗੂ ਨੂੰ 11 ਸਾਲ ਪੁਰਾਣੇ ਕੇਸ ਵਿਚ ਉਲਝਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪੱਤਰਕਾਰਾਂ ਖਿਲਾਫ ਕੀਤਾ ਪੁਲਿਸ ਪਰਚਾ ਰੱਦ ਕੀਤਾ ਜਾਵੇ, ਮਜ਼ਦੂਰ ਆਗੂ ਮੁਕੇਸ਼ ਮਲੌਦ ਖਿਲਾਫ ਪਰਚਾ ਰੱਦ ਕਰਕੇ ਉਸ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ |