ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਦਿਆਰਥੀ ਵਿੰਗ ਐੱਸ.ਓ.ਆਈ. (ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਇੰਡੀਆ) ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ | ਐੱਸ.ਓ.ਆਈ. ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਅਤੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਪਾਰਟੀ ਲਈ ਮਿਹਨਤ ਕਰਨ ਵਾਲੇ ਨੌਜਵਾਨਾਂ ਨੂੰ ਅਹਿਮ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸੇ ਐਲਾਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂ ਤਰਸੇਮ ਲਾਡੀ ਬੱਤਰਾ ਤੇ ਕੌਂਸਲਰ ਰਿੰਪੀ ਬੱਤਰਾ ਦੇ ਸਪੁੱਤਰ ਐਡਵੋਕੇਟ ਅਰਸ਼ ਬੱਤਰਾ ਨੂੰ ਸੂਬਾ ਸਪੋਕਸਪਰਸਨ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਅਰਸ਼ ਬੱਤਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਜ ਸੇਵਾ ਤੇ ਹਰਿਆਵਲ ਲਹਿਰ ਵਿਚ ਵੀ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ | ਉਧਰ ਮਾਲਵਾ ਜ਼ੋਨ-1 ਦੇ ਨਵ-ਨਿਯੁਕਤ ਪ੍ਰਧਾਨ ਜਸ਼ਨ ਔਲਖ, ਜਰਨਲ ਸਕੱਤਰ ਇਵਨਾਜ ਸਿੰਘ ਧਨੋਆ ਮਲੋਟ ਅਤੇ ਸੂਬਾ ਸਪੋਕਸਪਰਸਨ ਅਰਸ਼ ਬੱਤਰਾ ਵਲੋਂ ਆਪਣੇ ਸਾਥੀ ਦਮਨ ਬਰਾੜ, ਸੁਖਮਨ ਬਰਾੜ, ਹਰੀਦੇਵ ਸੇਖੋਂ, ਮਹਿਫ਼ਲ ਤੇ ਅਰਮਾਨ ਸਮੇਤ ਪਿੰਡ ਬਰਕੰਦੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨਾਲ ਮੁਲਾਕਾਤ ਕੀਤੀ | ਰੋਜ਼ੀ ਬਰਕੰਦੀ ਵਲੋਂ ਇਨ੍ਹਾਂ ਨੌਜਵਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਸਿਖ਼ਰਾਂ 'ਤੇ ਲੈਣ ਜਾਣ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |