ਸ੍ਰੀ ਮੁਕਤਸਰ ਸਾਹਿਬ, 5 ਜਨਵਰੀ (ਹਰਮਹਿੰਦਰ ਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਲੋਕ ਭਲਾਈ ਦੇ ਕੰਮਾਂ ਤਹਿਤ ਫ਼ੰਡਾਂ ਦੇ ਗੱਫ਼ੇ ਦੇਣ ਦਾ ਸਿਲਸਿਲਾ ਜਾਰੀ ਹੈ ਅਤੇ ਇਸ ਤਹਿਤ ਅੱਜ ਇਸ ਇਤਿਹਾਸਕ ਸ਼ਹਿਰ ਦੇ ਕੋਟਕਪੂਰਾ ਚੌਂਕ ਨਜ਼ਦੀਕ ਗੁਰੂ ਗੋਬਿੰਦ ਸਿੰਘ ਪਾਰਕ ਨੂੰ ਹੋਰ ਖ਼ੂਬਸੂਰਤ ਬਣਾਉਣ ਲਈ 50 ਲੱਖ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ | ਇਹ ਪ੍ਰਗਟਾਵਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਸੰਬੰਧੀ 50 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਸੌਂਪਦੇ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਇਸ ਪੈਸੇ ਨਾਲ ਜਿੱਥੇ ਸ਼ਹਿਰ ਦੀ ਦਿੱਖ 'ਚ ਸੁਧਾਰ ਹੋਵੇਗਾ, ਉੱਥੇ ਨਾਲ ਹੀ ਸ਼ਹਿਰ ਦੇ ਲੋਕਾਂ ਨੂੰ ਸੈਰ ਕਰਨ ਲਈ ਵਧੀਆ ਥਾਂ ਮਿਲੇਗੀ | ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਵਲੋਂ ਇਸ ਪਾਰਕ ਦੀ ਖ਼ੂਬਸੂਰਤੀ ਵਿਚ ਚਾਰ ਚੰਨ ਲਾਉਣ ਲਈ ਜੋ ਪੈਸੇ ਦੀ ਮੰਗ ਕੀਤੀ ਗਈ ਸੀ, ਉਸ ਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ | ਉਨ੍ਹਾਂ ਲੋਕਾਂ ਨੂੰ ਖ਼ਾਸ ਕਰ ਬਜ਼ੁਰਗਾਂ ਤੇ ਨੌਜਵਾਨਾਂ ਨੂੰ ਇਸ ਪੈਸੇ ਨਾਲ ਬਣਾਈ ਜਾਣ ਵਾਲੀ ਇਸ ਸੈਰਗਾਹ ਦਾ ਆਪਣੀ ਸਿਹਤ ਤੇ ਬੱਚਿਆਂ ਦੇ ਖੇਡਣ ਲਈ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ | ਉਨ੍ਹਾਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਵੀ ਅਪੀਲ ਕੀਤੀ ਕਿ ਇਸ ਕੰਮ ਨੂੰ ਜਲਦ ਤੋਂ ਜਲਦ ਸੁਚੱਜੇ ਢੰਗ ਨਾਲ ਮੁਕੰਮਲ ਕਰ ਲਿਆ ਜਾਵੇ | ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ ਹਾਜ਼ਰ ਸਨ |