ਮਲੋਟ, 5 ਜਨਵਰੀ (ਰਣਜੀਤ ਪਾਟਿਲ, ਅਜਮੇਰ ਸਿੰਘ ਬਰਾੜ)-40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਮਾਘੀ ਕਾਨਫਰੰਸ ਦੇ ਸੰਬੰਧ ਵਿਚ ਅੱਜ ਮਲੋਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਗੁਰਦੁਆਰਾ ਸਿੰਘ ਸਭਾ ਮਲੋਟ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਬਾਦਲ ਨੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੇ 4 ਸਾਲਾਂ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਮੁੱਖ ਮੰਤਰੀ ਸਿਰਫ਼ ਕਾਗਜ਼ੀ ਹੈ ਅਤੇ ਸਾਰੇ ਫ਼ੈਸਲੇ ਦਿੱਲੀ ਤੋਂ ਕੇਜਰੀਵਾਲ, ਸਿਸੋਦੀਆ ਅਤੇ ਜੈਨ ਵਲੋਂ ਕੀਤੇ ਜਾਂਦੇ ਹਨ | ਪੰਜਾਬ ਤੋਂ ਪੈਸਾ ਇਕੱਠਾ ਕਰਨ ਲਈ ਨਿੱਤ ਨਵੀਆਂ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਦਰਦ ਨੂੰ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਸਮਝ ਸਕਦੀ ਹੈ ਕਿਉਂਕਿ ਇਹ ਇਕ ਖੇਤਰੀ ਅਤੇ ਮਾਂ ਪਾਰਟੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਅਤੇ ਭਾਜਪਾ ਵਰਗੀਆਂ ਰਾਸ਼ਟਰੀ ਪਾਰਟੀਆਂ ਸਿਰਫ਼ ਰਾਜ ਕਰਨ ਲਈ ਆਉਂਦੀਆਂ ਹਨ, ਪਰ ਪੰਜਾਬ ਦੀ ਭਲਾਈ ਲਈ ਅਕਾਲੀ ਦਲ ਹਮੇਸ਼ਾ ਅੱਗੇ ਰਹੀ ਹੈ | ਉਨ੍ਹਾਂ ਮਲੋਟ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਹਿਲਾਂ ਇਥੇ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਹਾਲਤ ਬੇਹੱਦ ਮਾੜੀ ਸੀ, ਪਰ ਅਕਾਲੀ ਸਰਕਾਰਾਂ ਨੇ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਜੇ ਮਨ ਬਣਾ ਲੈਣ ਤਾਂ ਕੋਈ ਵੀ ਪਾਰਟੀ ਉਨ੍ਹਾਂ ਦਾ ਮੁਕਾਬਲਾ ਨਹੀਂ ਕਰ ਸਕਦੀ | ਸੁਖਬੀਰ ਬਾਦਲ ਨੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੀ ਮਾਘੀ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪੰਜਾਬ ਨੂੰ ਲੁਟੇਰਿਆਂ ਤੋਂ ਬਚਾਉਣ ਦੀ ਲੜਾਈ ਹੈ | ਉਨ੍ਹਾਂ ਵਰਕਰਾਂ ਨੂੰ ਰੈਲੀ ਲਈ ਸਮਰਪਿਤ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਵੀ ਸੰਬੋਧਨ ਕਰਦਿਆਂ ਮਾਘੀ ਕਾਨਫਰੰਸ ਵਿਚ ਵੱਡੀ ਸ਼ਮੂਲੀਅਤ ਦੀ ਅਪੀਲ ਕੀਤੀ | ਮੀਟਿੰਗ ਵਿਚ ਸੀਨੀਅਰ ਅਕਾਲੀ ਆਗੂ ਰੋਜ਼ੀ ਬਰਕੰਦੀ, ਚੇਅਰਮੈਨ ਬਸੰਤ ਸਿੰਘ ਕੰਗ, ਪਰਮਿੰਦਰ ਸਿੰਘ ਪੰਮਾ ਬਰਾੜ ਸੀਨੀਅਰ ਅਕਾਲੀ ਆਗੂ, ਕੌਂਸਲਰ ਅਸ਼ੋਕ ਬਜਾਜ, ਪਿੰਦਰ ਕੰਗ, ਲੱਪੀ ਈਨਾ ਖੇੜਾ, ਪ੍ਰੀਤਿੰਦਰ ਸਿੰਘ ਸੰਮੇਵਾਲੀ, ਕੁਲਬੀਰ ਸਿੰਘ ਕੋਟਭਾਈ, ਮਨਵੀਰ ਸਿੰਘ, ਕੁਲਵਿੰਦਰ ਸਿੰਘ ਪੂਨੀਆਂ, ਹੈਪੀ ਮੱਕੜ ਸਮੇਤ ਹੋਰ ਅਨੇਕਾਂ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ |