ਸ੍ਰੀ ਮੁਕਤਸਰ ਸਾਹਿਬ, 5 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਵਲੋਂ ਜ਼ਿਲ੍ਹੇ ਦੀਆਂ ਸਭ ਸਬ ਡਵੀਜ਼ਨਾਂ 'ਚ ਇਕੋ ਸਮੇਂ ਅਤੇ ਨਾਲ ਹੀ ਜ਼ਿਲ੍ਹਾ ਪੁਲਿਸ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਗਏ | ਇਹ ਸਾਰੇ ਸ਼ਿਕਾਇਤ ਨਿਵਾਰਨ ਕੈਂਪ ਸਵੇਰੇ 9 ਵਜੇ ਤੋਂ ਸ਼ਾਮ ਤੱਕ ਲਗਾਤਾਰ ਚਲਾਏ ਗਏ, ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਤੇ ਪੁਲਿਸ ਦਫ਼ਤਰਾਂ ਨਾਲ ਸੰਬੰਧਿਤ ਲੋਕਾਂ ਦੀਆਂ ਚੱਲ ਰਹੀਆਂ ਸ਼ਿਕਾਇਤਾਂ, ਮਸਲੇ ਤੇ ਨਿੱਜੀ ਪ੍ਰੇਸ਼ਾਨੀਆਂ ਨੂੰ ਗੰਭੀਰਤਾ ਤੇ ਸੰਵੇਦਨਸ਼ੀਲਤਾ ਨਾਲ ਸੁਣਿਆ ਗਿਆ | ਸ਼ਿਕਾਇਤਕਰਤਾਵਾਂ ਨੂੰ ਸੰਬੰਧਿਤ ਦਫ਼ਤਰਾਂ ਤੇ ਕੈਂਪ ਸਥਾਨਾਂ 'ਤੇ ਬੁਲਾ ਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ, ਤਾਂ ਜੋ ਹਰ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰਕੇ ਇਨਸਾਫ਼ਯੋਗ ਹੱਲ ਯਕੀਨੀ ਬਣਾਇਆ ਜਾ ਸਕੇ | ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਆਪਣੀਆਂ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ | ਬਹੁਤ ਸਾਰੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਹੋਰ ਦਰਖ਼ਾਸਤਾਂ ਸੰਬੰਧੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਬਿਆਨ ਦਰਜ ਕਰਕੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਸ਼ਿਕਾਇਤ ਨਿਵਾਰਨ ਕੈਂਪ ਦੀ ਸਮੂਹ ਕਾਰਵਾਈ ਹਰਕਮਲ ਕੌਰ ਐੱਸ.ਪੀ. (ਹੈੱਡ ਕੁਆਰਟਰ), ਤੇਜਿੰਦਰਪਾਲ ਸਿੰਘ ਡੀ.ਐੱਸ.ਪੀ. (ਐੱਚ), ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਹਰਜੀਤ ਸਿੰਘ ਡੀ.ਐੱਸ.ਪੀ. (ਸੀ.ਏ.ਡਬਲਯੂ. ਐਂਡ ਸੀ), ਅੰਗਰੇਜ਼ ਸਿੰਘ ਡੀ.ਐੱਸ.ਪੀ. (ਮਲੋਟ), ਅਰੁਨ ਮੁੰਡਨ ਡੀ.ਐੱਸ.ਪੀ. (ਗਿੱਦੜਬਾਹਾ) ਅਤੇ ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਦੀ ਦੇਖ-ਰੇਖ ਅਤੇ ਸੁਚਾਰੂ ਢੰਗ ਨਾਲ ਸੰਪੰਨ ਕੀਤੀ ਗਈ | ਇਸ ਮੌਕੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਸ਼ਿਕਾਇਤ ਲਈ ਲੰਮੇ ਸਮੇਂ ਤੱਕ ਨਹੀਂ ਇੰਤਜਾਰ ਕਰਨ ਨਹੀਂ ਦਿੱਤਾ ਜਾਵੇਗਾ ਅਤੇ ਹਰ ਯੋਗ ਮਾਮਲੇ ਦਾ ਨਿਪਟਾਰਾ ਮੌਕੇ 'ਤੇ ਜਾਂ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੇਗਾ | ਐੱਸ.ਐੱਸ.ਪੀ. ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਵਿਅਕਤੀ ਨੂੰ ਜੇਕਰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ, ਸਮੱਸਿਆ ਜਾਂ ਸ਼ਿਕਾਇਤ ਹੈ, ਤਾਂ ਉਹ ਬਿਨਾਂ ਕਿਸੇ ਡਰ ਜਾਂ ਹਿਚਕਿਚਾਹਟ ਦੇ ਆਪਣੇ ਨੇੜਲੇ ਥਾਣੇ ਵਿਚ ਜਾ ਕੇ ਆਪਣੀ ਦਰਖ਼ਾਸਤ ਦੇ ਸਕਦਾ ਹੈ | ਉਨ੍ਹਾਂ ਖ਼ਾਸ ਤੌਰ 'ਤੇ ਔਰਤਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਔਰਤਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਨ ਤੇ ਉਨ੍ਹਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਲਈ ਜ਼ਿਲ੍ਹੇ ਦੇ ਹਰ ਥਾਣੇ ਵਿਚ ਮਹਿਲਾ ਪੁਲਿਸ ਕਰਮਚਾਰੀ ਤਾਇਨਾਤ ਹਨ |