ਫ਼ਰੀਦਕੋਟ, 5 ਜਨਵਰੀ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ 28 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਤਾਂਗਾ ਸ਼ੈੱਡ ਨੰਦੇਆਣਾ ਗੇਟ ਮੌਜੂਦ ਸਨ ਉੱਥੇ ਮੌਜੂਦ ਨਿਰਮਲ ਸਿੰਘ ਉਰਫ਼ ਨਿੰਮਾ ਪੁੱਤਰ ਆਤਮਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 50 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਵਲੋਂ ਪਿੰਡ ਚਹਿਲ ਤੋਂ ਸ਼ੱਕ ਦੇ ਆਧਾਰ 'ਤੇ ਮੁਕੇਸ਼ ਕੁਮਾਰ ਪੁੱਤਰ ਜਸਵਿੰਦਰ ਸਿੰਘ ਵਾਸੀ ਚਹਿਲ ਨੂੰ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 25 ਪਾਬੰਦੀਸ਼ੂਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |