ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪਹਿਲਾਂ ਤੋਂ ਹੀ ਮਜ਼ਬੂਤ ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਤਿਉਹਾਰਾਂ ਅਤੇ ਖ਼ਾਸ ਕਰਕੇ ਮੇਲਾ ਮਾਘੀ ਦੇ ਮੱਦੇਨਜ਼ਰ ਅੱਜ ਪੂਰੇ ਜ਼ਿਲ੍ਹੇ 'ਚ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕੀਤੀ ਗਈ ਹੈ | ਇਸ ਸਿਲਸਿਲੇ 'ਚ ਉਹ ਖ਼ੁਦ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ਜਾ ਕੇ ਨਾਕਿਆਂ ਦਾ ਮੁਆਇਨਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਕਾਬੰਦੀ ਸਹੀ ਢੰਗ ਨਾਲ ਲਗਾਈ ਗਈ ਹੈ ਅਤੇ ਚੈਕਿੰਗ ਪ੍ਰਭਾਵਸ਼ਾਲੀ ਤਰੀਕੇ ਨਾਲ ਹੋ ਰਹੀ ਹੈ | ਇਸ ਦੌਰਾਨ ਕੋਟਕਪੂਰਾ ਚੌਂਕ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਖ਼ਤੀ ਨਾਲ ਵਹੀਕਲਾਂ ਦੀ ਚੈਕਿੰਗ ਕੀਤੀ ਗਈ | ਐੱਸ.ਐੱਸ.ਪੀ. ਨੇ ਕਿਹਾ ਕਿ ਨਾਕਾਬੰਦੀ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਮਾੜਾ ਅਨਸਰ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਨਾ ਕਰ ਸਕੇ ਤੇ ਆਉਣ ਵਾਲੇ ਦਿਨਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ਰਾਰਤੀ ਘਟਨਾ ਨੂੰ ਰੋਕਿਆ ਜਾ ਸਕੇ | ਨਾਕਿਆਂ 'ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਕਾਨੂੰਨ ਅਨੁਸਾਰ ਚਲਾਨ ਕੀਤੇ ਜਾ ਰਹੇ ਹਨ ਅਤੇ ਜ਼ਰੂਰਤ ਪੈਣ 'ਤੇ ਵਹੀਕਲ ਇੰਪਾਊਾਡ ਵੀ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਗ਼ਲਤ ਨੰਬਰ ਪਲੇਟਾਂ, ਗ਼ੈਰ-ਕਾਨੂੰਨੀ ਸੋਧਾਂ, ਟਿ੍ਪਲ ਰਾਈਡਿੰਗ ਅਤੇ ਬਿਨਾਂ ਵਜ੍ਹਾ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ਦੀ ਵੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਵਿਚ ਚਲਾਈ ਜਾ ਰਹੀ ਹੈ ਅਤੇ 26 ਜਨਵਰੀ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿਚ ਵੀ ਇਹ ਨਾਕਾਬੰਦੀ ਤੇ ਪੈਟਰੋਲਿੰਗ ਰੂਟੀਨ ਆਧਾਰ 'ਤੇ ਜਾਰੀ ਰਹੇਗੀ | ਐੱਸ.ਐੱਸ.ਪੀ. ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸੰਗਤ ਦੀ ਆਵਾਜਾਈ ਤੇ ਭੀੜ ਵਧਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਜ਼ਿਲ੍ਹਾ ਪੁਲਿਸ ਫੋਰਸ ਦੀ ਵੱਧ ਤੋਂ ਵੱਧ ਤਾਇਨਾਤੀ ਕੀਤੀ ਜਾ ਰਹੀ ਹੈ | ਇਸ ਦੇ ਨਾਲ ਹੀ ਬਾਹਰਲੇ ਜ਼ਿਲਿ੍ਹਆਂ ਤੋਂ ਵੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇਗੀ | ਤਕਰੀਬਨ 5000 ਦੇ ਕਰੀਬ ਬਾਹਰਲੀ ਫੋਰਸ ਨੂੰ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ, ਪੈਟਰੋਲਿੰਗ ਅਤੇ ਸੁਰੱਖਿਆ ਡਿਊਟੀਆਂ ਲਈ ਤਾਇਨਾਤ ਕੀਤਾ ਜਾਵੇਗਾ | ਇਸ ਮੌਕੇ ਐੱਸ.ਐੱਸ.ਪੀ. ਵਲੋਂ ਨਾਕਿਆਂ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਖ਼ੁਦ ਮੌਕੇ 'ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਸ਼ੱਕੀ ਵਹੀਕਲਾਂ ਦੀ ਨਿੱਜੀ ਤੌਰ 'ਤੇ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਜਿਨ੍ਹਾਂ ਵਹੀਕਲਾਂ ਦੇ ਦਸਤਾਵੇਜ਼ ਅਧੂਰੇ ਜਾਂ ਗ਼ਲਤ ਪਾਏ ਗਏ, ਉਨ੍ਹਾਂ ਦੇ ਕਾਨੂੰਨ ਅਨੁਸਾਰ ਚਲਾਨ ਕੀਤੇ ਗਏ | ਇਸ ਦੌਰਾਨ ਹਰਕਮਲ ਕੌਰ ਐੱਸ.ਪੀ. (ਹੈੱਡ ਕੁਆਰਟਰ), ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਜਸਕਰਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |