ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮਾਘੀ ਜੋੜ ਮੇਲੇ ਮੌਕੇ ਕੋਈ ਸਿਆਸੀ ਕਾਨਫ਼ਰੰਸ ਨਹੀਂ ਕਰੇਗੀ, ਬਲਕਿ ਕਾਂਗਰਸ ਲੀਡਰਸ਼ਿਪ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਨਤਮਸਤਕ ਹੋ ਕੇ ਖਿਦਰਾਣੇ ਦੀ ਜੰਗ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕਰੇਗੀ | ਇਹ ਪ੍ਰਗਟਾਵਾ ਬਲਾਕ ਕਾਂਗਰਸ ਕਮੇਟੀ ਦਿਹਾਤੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਸਦਰਵਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ 40 ਮੁਕਤਿਆਂ ਦੀ ਯਾਦ ਵਿਚ ਸ਼ਹੀਦੀ ਜੋੜ ਮੇਲ ਮੌਕੇ ਕੋਈ ਸਿਆਸੀ ਕਾਨਫ਼ਰੰਸ ਨਹੀਂ ਕਰੇਗੀ, ਬਲਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੋਰ ਲੀਡਰਸ਼ਿਪ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਵੇਗੀ ਅਤੇ 40 ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰੇਗੀ | ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਲੋਂ ਮਾਘੀ ਦੇ ਦਿਹਾੜੇ 'ਤੇ ਇਕ-ਦੂਜੇ 'ਤੇ ਦੂਸ਼ਣਬਾਜੀ ਅਤੇ ਚਿੱਕੜ ਸੁੱਟਣਾ ਬਹੁਤ ਮੰਦਭਾਗਾ ਵਰਤਾਰਾ ਹੈ | ਉਨ੍ਹਾਂ ਕਿਹਾ ਕਿ ਇਸ ਦਿਹਾੜੇ 'ਤੇ ਸਭ ਨੂੰ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਨੀ ਚਾਹੀਦੀ ਹੈ |