ਫ਼ਰੀਦਕੋਟ, 6 ਜਨਵਰੀ (ਸਰਬਜੀਤ ਸਿੰਘ)-ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਫ਼ਰੀਦਕੋਟ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਹੋਈ | ਇਸ ਮੀਟਿੰਗ 'ਚ ਚੋਣਾਂ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਅਧਿਆਪਕ ਜੋੜੇ ਦੀ ਮੌਤ ਪਿੱਛੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ 'ਚ ਯੋਗਦਾਨ ਪਾਉਣ ਅਤੇ ਹੋਰ ਮੰਗਾਂ ਮਸਲਿਆਂ ਸਬੰਧੀ ਗੱਲਬਾਤ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਮੋਗਾ ਵਿਖੇ ਚੋਣ ਡਿਊਟੀ ਕਰ ਰਹੇ ਅਧਿਆਪਕ ਜਸਕਰਨ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਕਮਲਜੀਤ ਕੌਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਮਿ੍ਤਕਾਂ ਦੇ ਪਰਿਵਾਰਾਂ ਅਤੇ ਬੱਚਿਆਂ ਦੀ ਪੂਰੀ ਜ਼ਿੰਮੇਵਾਰੀ ਚੁੱਕਣ ਦੀ ਬਜਾਏ ਕੇਵਲ 10-10 ਲੱਖ ਦਾ ਮੁਆਵਜ਼ਾ ਦੇ ਕੇ ਮਾਮਲੇ ਨੂੰ ਨਿਪਟਾਉਣ ਦੀ ਕੋਸ਼ਿਸ਼ ਕਰਨਾ ਬਹੁਤ ਹੀ ਨਿੰਦਣਯੋਗ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ ਅਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 9 ਜਨਵਰੀ ਸ਼ਾਮ ਨੂੰ ਫ਼ਰੀਦਕੋਟ ਵਿਖੇ ਕੈਂਡਲ ਮਾਰਚ ਕੀਤਾ ਜਾਵੇਗਾ ਅਤੇ 18 ਜਨਵਰੀ ਨੂੰ ਮੋਗਾ ਵਿਚ ਵਿਸ਼ਾਲ ਰੈਲੀ ਵਿਚ ਭਰਵੇਂ ਇਕੱਠ ਦੇ ਰੂਪ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਜਥੇਬੰਦੀ ਦੇ ਆਗੂਆਂ ਨੇ ਸਰਕਾਰ ਨੂੰ ਅਧਿਆਪਕਾਂ ਦੇ ਮੰਗਾਂ ਮਸਲਿਆਂ ਨੂੰ ਲਟਕਾਉਣ ਦੀ ਥਾਂ ਜਲਦੀ ਉਨ੍ਹਾਂ ਦਾ ਹੱਲ ਕਰਨ ਦੀ ਮੰਗ ਵੀ ਕੀਤੀ | ਇਸ ਮੌਕੇ ਵਿੱਤ ਸਕੱਤਰ ਪ੍ਰਦੀਪ ਸਿੰਘ, ਪ੍ਰੈਸ ਸਕੱਤਰ ਲਵਕਰਨ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਘਣੀਆ, ਅਜਾਇਬ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਸਵਰਨਪਾਲ ਸਿੰਘ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ਸੰਧੂ, ਦਿਲਬਾਗ ਸਿੰਘ ਬਰਾੜ ਆਦਿ ਹਾਜ਼ਰ ਸਨ |