ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੇਡੀਅਮ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਗਣਤੰਤਰ ਦਿਵਸ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ ਅਤੇ ਇਸ ਮੌਕੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ | ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਦੌਰਾਨ ਪਰੇਡ ਤੋਂ ਸਲਾਮੀ ਲਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੂਲਾਂ ਵਲੋਂ ਪੇਸ਼ ਕੀਤੀਆਂ ਜਾ ਰਹੀਆਂ ਵੰਨਗੀਆਂ, ਕੋਰੀਓਗ੍ਰਾਫ਼ੀਆਂ, ਪੀ.ਟੀ. ਸ਼ੋਅ ਦੀ ਰਿਹਰਸਲ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਕੂਲ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਸੰਬੰਧਿਤ ਡਿਊਟੀਆਂ ਜੋ ਉਨ੍ਹਾਂ ਨੂੰ ਸੌਂਪੀਆਂ ਗਈਆਂ ਹਨ, ਉਨ੍ਹਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਬਕਾਇਆ ਰਹਿੰਦੇ ਕੰਮਾਂ ਨੂੰ ਤਹਿ ਸਮੇਂ ਅੰਦਰ ਮੁਕੰਮਲ ਕਰ ਲੈਣ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੱਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫ਼ੀ, ਗਿੱਧਾ ਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ-ਵੱਖ ਵਿਭਾਗਾਂ ਵਲੋਂ ਭਲਾਈ ਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ | ਇਸ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ | ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸੰਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਕੰਮਾਂ ਦੇ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਇਸ ਮੌਕੇ ਐੱਸ.ਡੀ.ਐੱਮ. ਬਲਜੀਤ ਕੌਰ, ਐੱਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ, ਐੱਸ.ਪੀ. (ਐੱਚ) ਹਰਕਮਲ ਕੌਰ, ਡੀ.ਐੱਸ.ਪੀ. ਬਚਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਸੋਨੀ, ਨਾਇਬ ਤਹਿਸੀਲਦਾਰ ਮਨਵੀਰ ਕੌਰ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |