ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਨਿਲਾਂਬਰੀ ਜਗਦਲੇ ਆਈ.ਜੀ ਫ਼ਰੀਦਕੋਟ ਰੇਂਜ ਵਲੋਂ ਡਾ. ਪ੍ਰਗਿਆ ਜੈਨ ਐਸ.ਐਸ.ਪੀ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਆਈ.ਜੀ ਫ਼ਰੀਦਕੋਟ ਰੇਂਜ ਵਲੋਂ ਐਸ.ਐਸ.ਪੀ ਸਮੇਤ ਜ਼ਿਲ੍ਹੇ ਦੇ ਸਮੂਹ ਸੀਨੀਅਰ ਪੁਲਿਸ ਅਧਿਕਾਰੀਆਂ, ਮੁੱਖ ਅਫ਼ਸਰ ਥਾਣਾ ਅਤੇ ਯੂਨਿਟ ਇੰਚਾਰਜਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਕੀਤੇ ਜਾ ਰਹੇ ਖਾਸ ਸੁਰੱਖਿਆ ਅਭਿਆਨਾਂ ਦੀ ਤਿਆਰੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਇਸ ਮੌਕੇ ਸੁਰੱਖਿਆ ਪ੍ਰਬੰਧਾਂ, ਰੂਟ ਪਲਾਨ, ਟਰੈਫਿਕ ਵਿਵਸਥਾ ਅਤੇ ਹੋਰ ਜ਼ਰੂਰੀ ਇੰਤਜ਼ਾਮਾਂ ਬਾਰੇ ਅਧਿਕਾਰੀਆਂ ਨਾਲ ਵਿਸਥਾਰ ਤਹਿਤ ਚਰਚਾ ਕੀਤੀ ਗਈ | ਆਈ.ਜੀ ਫ਼ਰੀਦਕੋਟ ਰੇਂਜ ਨਿਲਾਂਬਰੀ ਜਗਦਲੇ ਵਲੋਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਸਮਾਗਮ ਵਾਲੇ ਦਿਨ ਹਰ ਪੱਖੋਂ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਸਮਾਗਮ ਅਮਨ-ਅਮਾਨ ਨਾਲ ਸਮਾਪਤ ਹੋ ਸਕੇ | ਇਸ ਉਪਰੰਤ ਆਈ.ਜੀ ਫ਼ਰੀਦਕੋਟ ਰੇਂਜ ਅਤੇ ਐਸ.ਐਸ.ਪੀ ਵਲੋਂ ਨਹਿਰੂ ਸਟੇਡੀਅਮ ਦਾ ਦੌਰਾ ਕਰਕੇ ਲਾਅ ਐਂਡ ਆਰਡਰ ਅਤੇ ਜਨਤਕ ਸੁਰੱਖਿਆ ਨੂੰ ਕਾਇਮ ਰੱਖਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਜੀ ਫ਼ਰੀਦਕੋਟ ਰੇਂਜ ਨਿਲਾਂਬਰੀ ਜਗਦਲੇ ਨੇ ਦੱਸਿਆ ਕਿ ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ ਗਈ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਗਮ ਦੌਰਾਨ ਕਾਨੂੰਨ-ਵਿਵਸਥਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ | ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫ਼ਰੀਦਕੋਟ ਪੁਲਿਸ ਦੀ ਟੀਮਾਂ ਵਲੋਂ ਸਮਾਗਮ ਸਥਾਨ ਅਤੇ ਆਸ-ਪਾਸ ਦੇ ਖੇਤਰਾਂ 'ਚ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ, ਜਦਕਿ ਪੁਲਿਸ ਟੀਮਾਂ ਵਲੋਂ ਸ਼ੱਕੀ ਗਤੀਵਿਧੀਆ ਉੱਪਰ ਨਿਗਰਾਨੀ ਰੱਖਣ ਲਈ ਲਈ ਲਗਾਤਾਰ ਸਿਫ਼ਟਿੰਗ ਨਾਕਾਬੰਦੀ ਅਤੇ ਫ਼ਲੈਗ ਮਾਰਚ ਵੀ ਕੀਤੇ ਜਾ ਰਹੇ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਕਿਸਮ ਦੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ 112 ਹੈਲਪਲਾਈਨ 'ਤੇ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ |