ਫ਼ਰੀਦਕੋਟ, 24 ਜਨਵਰੀ (ਜਸਵੰਤ ਸਿੰਘ ਪੁਰਬਾ)-ਸਥਾਨਕ ਨਹਿਰੂ ਸਟੇਡੀਅਮ ਵਿਖੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਹੋਣਗੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਫੁੱਲ ਡਰੈਸ ਰਿਹਸਲ ਦਾ ਜਾਇਜ਼ਾ ਲੈਣ ਦੌਰਾਨ ਕੀਤਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ, ਇਸ ਲਈ ਵੱਖ-ਵੱਖ ਸਕੂਲਾਂ ਵਲੋਂ ਪੇਸ਼ ਕੀਤੀਆਂ ਜਾ ਰਹੀਆਂ ਕੋਰੀਓਗ੍ਰਾਫੀਆਂ, ਪੀ.ਟੀ.ਸ਼ੋਅ ਦੀ ਰਿਹਰਸਲ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਕੂਲ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ ਆਪਣੇ ਵਿਭਾਗ ਨਾਲ ਸਬੰਧਿਤ ਡਿਊਟੀਆਂ ਤੈਅ ਸਮੇਂ ਅੰਦਰ ਮੁਕੰਮਲ ਕਰ ਲੈਣ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੱਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ | ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ | ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ | ਜ਼ਿਲ੍ਹਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਟਰੈਫਿਕ ਵਿਵਸਥਾ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਜਿਸ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਖਤਰਾ ਪੈਦਾ ਹੋ ਸਕਦਾ ਹੈ ਇਸ ਸਬੰਧੀ 112 'ਤੇ ਫੋਨ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਜੋਤ ਕੌਰ, ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਹਾਇਕ ਕਮਿਸ਼ਨਰ ਗੁਰਕਿਰਨਦੀਪ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਡੀ.ਪੀਓ ਰਤਨਦੀਪ ਸੰਧੂ, ਡੀ.ਈ.ਓ ਐਲੀਮੈਂਟਰੀ ਅੰਜਨਾ ਕੌਂਸਲ, ਡੀ.ਈ.ਓ ਸੈਕੰਡਰੀ ਨੀਲਮ ਰਾਣੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗੜਵਾਲ, ਰੈਡ ਕਰਾਸ ਸੈਕਟਰੀ ਮਨਦੀਪ ਮੌਂਗਾ, ਜਸਬੀਰ ਜੱਸੀ ਜ਼ਿਲ੍ਹਾ ਗਾਈਡੈਂਸ ਐਂਡ ਕੌਂਸਲਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ |