ਸ੍ਰੀ ਮੁਕਤਸਰ ਸਾਹਿਬ, 2 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਕਿਸਾਨਾਂ ਲਈ ਨਿਰਾਸ਼ਾਜਨਕ ਦੱਸਿਆ ਹੈ | ਇਸ ਸੰਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ ਅਤੇ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੋਈ ਵੀ ਕਦਮ ਨਹੀਂ ਚੁੱਕਿਆ, ਜਦਕਿ ਖੇਤੀਬਾੜੀ ਕਿੱਤੇ ਨਾਲ ਜੁੜੇ ਹੋਏ ਕਿਸਾਨ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਰਜ਼ੇ ਦੀ ਦਲਦਲ ਵਿਚ ਫਸੇ ਹੋਏ ਹਨ | ਉਨ੍ਹਾਂ ਕਿਹਾ ਕਿ ਵੱਖ-ਵੱਖ ਜਿਨਸਾਂ 'ਤੇ ਐੱਮ.ਐੱਸ.ਪੀ. ਕਾਨੂੰਨੀ ਗਾਰੰਟੀ ਨਾ ਦੇਣਾ ਕਿਸਾਨਾਂ ਨਾਲ ਵਧੀਕੀ ਹੈ | ਉਨ੍ਹਾਂ ਕਿਹਾ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਖੇਡ ਰਹੀ ਹੈ ਅਤੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਹੀ ਸਕੀਮਾਂ ਬਣਾਈਆਂ ਜਾਂਦੀਆਂ ਹਨ, ਜਦਕਿ ਕਿਸਾਨ, ਮਜ਼ਦੂਰ ਤੇ ਛੋਟੇ ਦੁਕਾਨਦਾਰ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਲਈ ਕੋਈ ਵੀ ਪੈਕੇਜ ਦਾ ਕੇਂਦਰ ਸਰਕਾਰ ਨੇ ਐਲਾਨ ਨਹੀਂ ਕੀਤਾ | ਜਦਕਿ ਪਿਛਲੇ ਸਮੇਂ ਵਿਚ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ ਸਨ | ਉਨ੍ਹਾਂ ਕਿਹਾ ਕਿ ਭਾਜਪਾ ਨਾਲ ਜੁੜੇ ਆਗੂ ਹੀ ਇਸ ਬਜਟ ਦੀ ਵਾਹ-ਵਾਹ ਕਰ ਰਹੇ ਹਨ, ਜਦਕਿ ਇਸ ਬਜਟ ਨੇ ਸਭ ਨੂੰ ਨਿਰਾਸ਼ ਕੀਤਾ ਹੈ |