ਫ਼ਰੀਦਕੋਟ, 2 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਵਿਖੇ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਗੋਲੇਵਾਲਾ, ਕਾਬਲਾਵਾਲਾ, ਹੱਸਣਭੱਟੀ ਆਦਿ ਨੂੰ ਗਸ਼ਤ ਤੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਗੋਲੇਵਾਲਾ ਤੋਂ ਹੱਸਣਭੱਟੀ ਵਾਲੇ ਰੋਡ 'ਤੇ ਦਾਣਾ ਮੰਡੀ ਪਾਸ ਸੰਜੇ ਕੁਮਾਰ ਯਾਦਵ ਪੁੱਤਰ ਅਜੇ ਯਾਦਵ ਵਾਸੀ ਪਿੰਡ ਟਹਿਣਾ ਅਤੇ ਗੁਰਤੇਜ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਰਾਜੇਵਾਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 34 ਖੁੱਲ੍ਹੀਆਂ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ | ਜਿਸ 'ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |