ਫ਼ਰੀਦਕੋਟ, 2 ਫ਼ਰਵਰੀ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਗਏ ਚਾਰ ਵਿਅਕਤੀਆਂ ਤੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਸੰਬੰਧਿਤ ਥਾਣਿਆਂ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਦਾਣਾ ਮੰਡੀ, ਫ਼ਰੀਦਕੋਟ ਮੌਜੂਦ ਸਨ ਤਾਂ ਸ਼ੈੱਡ ਨੇੜੇ ਬੈਠੇ ਦੋ ਵਿਅਕਤੀਆਂ ਅਰਜਨ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਸਿਮਰਦੀਪ ਸਿੰਘ ਦੀਪ ਪੁੱਤਰ ਲਛਮਣ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਾਬਤਾ ਅਨੁਸਾਰ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਸਮੇਤ ਲਿਫ਼ਾਫ਼ਾ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਾਦਿਕ ਰੋਡ 'ਤੇ ਜਾ ਰਹੇ ਸੀ ਤਾਂ ਚੂੰਗੀ ਨਜ਼ਦੀਕ ਅਸ਼ੋਕ ਕੁਮਾਰ ਪੁੱਤਰ ਜਵਾਹਰ ਲਾਲ ਅਤੇ ਸੰਜੇ ਕੁਮਾਰ ਪੁੱਤਰ ਸ਼ੇਰੂ ਰਾਮ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |